ਨਵੀਂ ਦਿੱਲੀ, 7 ਅਕਤੂਬਰ, 2026: ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਵਿਰੁੱਧ ਇੰਡੀਆ (INDIA) ਬਲਾਕ ਦੇ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਆਲ ਇੰਡੀਆ ਰੇਡੀਓ (AIR) ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਦੋਵਾਂ ਆਗੂਆਂ ‘ਤੇ ਦੋਸ਼ ਹੈ ਕਿ 6 ਅਕਤੂਬਰ ਨੂੰ ਚੋਣ ਕਮਿਸ਼ਨ ਵੱਲ ਮਾਰਚ ਕਰਨ ਦੌਰਾਨ ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ, ਤਾਂ ਉਹ ਬਿਨਾਂ ਇਜਾਜ਼ਤ ‘ਆਕਾਸ਼ਵਾਣੀ ਭਵਨ’ ਕੰਪਲੈਕਸ ਵਿੱਚ ਦਾਖਲ ਹੋ ਗਏ ਅਤੇ ਉੱਥੇ ਧਰਨੇ ‘ਤੇ ਬੈਠ ਗਏ। ਲਗਭਗ 9 ਘੰਟੇ ਚੱਲੇ ਇਸ ਹੰਗਾਮੇ ਤੋਂ ਬਾਅਦ ਦਿੱਲੀ ਪੁਲਿਸ ਨੇ ਦੋਵਾਂ ਨੇਤਾਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਦੂਜੇ ਪਾਸੇ, ਵੋਟਰ ਸੂਚੀਆਂ ਦੀ ਐੱਸਆਈਆਰ (SIR) ਪ੍ਰਕਿਰਿਆ ਅਤੇ ਬੇਨਿਯਮੀਆਂ ਨੂੰ ਲੈ ਕੇ ਵਿਰੋਧੀ ਧਿਰ ਦਾ ਅੰਦੋਲਨ ਅੱਜ ਬੁੱਧਵਾਰ ਨੂੰ ਹੋਰ ਤੇਜ਼ ਹੋ ਗਿਆ ਹੈ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਹੁਣ ਉਨ੍ਹਾਂ ਦੇ ਅਹੁਦਾ ਛੱਡਣ ਦਾ ਸਮਾਂ ਆ ਗਿਆ ਹੈ। ਵਿਰੋਧੀ ਧਿਰ ਦੀ ਮੁੱਖ ਮੰਗ ਗਿਆਨੇਸ਼ ਕੁਮਾਰ ਨੂੰ ਹਟਾਉਣਾ, ਐੱਸਆਈਆਰ ਰੱਦ ਕਰਨਾ, ਕੱਟੇ ਗਏ ਵੋਟਰਾਂ ਦੇ ਨਾਂ ਬਹਾਲ ਕਰਨਾ ਅਤੇ ਬੈਲਟ ਪੇਪਰ ਨਾਲ ਚੋਣਾਂ ਕਰਵਾਉਣਾ ਹੈ।
ਇਸੇ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰੁਜਨ ਖੜਗੇ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਦੁਪਹਿਰ ਦੇ ਖਾਣੇ ‘ਤੇ ਸੱਦਿਆ ਹੈ, ਜਿੱਥੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਲਈ ਪੱਤਰ ‘ਤੇ ਦਸਤਖਤ ਕੀਤੇ ਜਾਣਗੇ। ਇਸ ਦੇ ਨਾਲ ਹੀ ‘ਆਪ’, ਕਾਂਗਰਸ ਅਤੇ ਖੱਬੇਪੱਖੀ ਪਾਰਟੀਆਂ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ (CEO) ਦੇ ਦਫ਼ਤਰ ਵਿਖੇ ਵਿਸ਼ਾਲ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।







