‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਮਸ਼ਾਲ ਮਾਰਚ ਸੰਗਰੂਰ ਤੋਂ ਸ਼ੁਰੂ

ਫੈਕਟ ਸਮਾਚਾਰ ਸੇਵਾ

ਸੰਗਰੂਰ, ਅਗਸਤ 12

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ (ਟਾਰਚ ਰੈਲੀ) ਵਾਰ ਹੀਰੋਜ ਸਟੇਡੀਅਮ ਸੰਗਰੂਰ ਤੋਂ ਰਵਾਨਾ ਹੋਇਆ।

ਇਸ ਮੌਕੇ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮਸ਼ਾਲ ਮਾਰਚ ਨੂੰ ਰਵਾਨਾ ਕੀਤਾ, ਜਿਹੜਾ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦੀ ਹੁੰਦਾ ਹੋਇਆ ਬਠਿੰਡਾ ਪੁੱਜ ਕੇ ਸੰਪੰਨ ਹੋਵੇਗਾ। ਇਸ ਮੌਕੇ ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਮੈਡਲ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਵੀ ਉੱਚੇਚੇ ਤੌਰ ਉੱਤੇ ਮੌਜੂਦ ਸੀ। ਇਹ ਟਾਰਚ ਅੱਗੇ ਪਿੰਡ ਢੈਪਈ ਵਿਖੇ ਜ਼ਿਲ੍ਹਾ ਸੰਗਰੂਰ ਦੀ ਹੱਦ ਤੋਂ ਜ਼ਿਲ੍ਹਾ ਮਾਨਸਾ ਨੂੰ ਸਪੁਰਦ ਕੀਤੀ ਗਈ।

ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸਮੂਹ ਪੰਜਾਬੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਇਨ੍ਹਾਂ ਖੇਡਾਂ ਨੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਜਦੋਂ ਚਾਰ ਸਾਲ ਪਹਿਲਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਇਨ੍ਹਾਂ ਵਿੱਚ ਕੁਝ ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਸੀ, ਪਰ ਅੱਜ ਇਹ ਖੇਡ ਮਹਾਂਕੁੰਭ ਇੱਕ ਵੱਡਾ ਖੇਡ ਮੰਚ ਬਣ ਚੁੱਕਾ ਹੈ ਅਤੇ ਹਰ ਸਾਲ 04 ਲੱਖ ਤੋਂ ਵੱਧ ਖਿਡਾਰੀ ਇਸ ਵਿੱਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਵਧ ਰਹੀ ਭਾਗੀਦਾਰੀ ਪੰਜਾਬ ਵਿੱਚ ਖੇਡਾਂ ਪ੍ਰਤੀ ਨੌਜਵਾਨਾਂ ਦੇ ਵਧਦੇ ਉਤਸ਼ਾਹ ਅਤੇ ਪੰਜਾਬ ਸਰਕਾਰ ਦੀਆਂ ਖੇਡ ਪੱਖੀ ਨੀਤੀਆਂ ਦੀ ਸਫ਼ਲਤਾ ਨੂੰ ਦਰਸਾਉਂਦੀ ਹੈ।

ਵਿਧਾਇਕਾ ਭਰਾਜ ਨੇ ਕਿਹਾ ਕਿ ਸੰਗਰੂਰ ਤੋਂ ਸ਼ੁਰੂ ਹੋਇਆ ਇਹ ਮਸ਼ਾਲ ਮਾਰਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਹੁੰਦਾ ਹੋਇਆ ਖੇਡਾਂ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਮਸ਼ਾਲ ਸਿਰਫ਼ ਇੱਕ ਖੇਡ ਸਮਾਗਮ ਦੀ ਨਿਸ਼ਾਨੀ ਨਹੀਂ, ਸਗੋਂ ਇਹ ਨੌਜਵਾਨਾਂ ਵਿੱਚ ਜਜ਼ਬੇ, ਜਨੂਨ, ਏਕਤਾ, ਅਨੁਸ਼ਾਸਨ ਅਤੇ ਖੇਡ ਭਾਵਨਾ ਦੀ ਜੋਤ ਜਗਾਉਣ ਦਾ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਪਿੰਡ ਅਤੇ ਹਰ ਸ਼ਹਿਰ ਦੇ ਨੌਜਵਾਨ ਨੂੰ ਖੇਡ ਮੈਦਾਨ ਨਾਲ ਜੋੜਨਾ ਹੈ ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਂਦੇ ਹੋਏ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ‘ਖੇਡਦਾ ਪੰਜਾਬ, ਹੱਸਦਾ ਪੰਜਾਬ ਅਤੇ ਰੰਗਲਾ ਪੰਜਾਬ’ ਦਾ ਸੁਪਨਾ ਹੁਣ ਖੇਡ ਮੈਦਾਨਾਂ ਵਿੱਚ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ।

ਇਸ ਮੌਕੇ ਰਾਸ਼ਟਰਮੰਡਲ ਖੇਡਾਂ ਦੀ ਮੈਡਲ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਜਿੰਦਰ ਕੌਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਬਹੁਤ ਵਧੀਆ ਮੰਚ ਹੈ। ਇਨ੍ਹਾਂ ਖੇਡਾਂ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ, ਮੁਕਾਬਲੇ ਦੀ ਭਾਵਨਾ ਵਿਕਸਿਤ ਕਰਨ ਅਤੇ ਅੱਗੇ ਵਧਣ ਦਾ ਮੌਕਾ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਹੋਈ ਸੀ ਤਾਂ ਇਨ੍ਹਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ ਕਾਫ਼ੀ ਘੱਟ ਸੀ, ਪਰ ਸਮੇਂ ਦੇ ਨਾਲ ਇਨ੍ਹਾਂ ਖੇਡਾਂ ਪ੍ਰਤੀ ਬੱਚਿਆਂ ਅਤੇ ਨੌਜਵਾਨਾਂ ਦਾ ਉਤਸ਼ਾਹ ਲਗਾਤਾਰ ਵਧਿਆ ਹੈ। ਅੱਜ ਵੱਡੀ ਗਿਣਤੀ ਵਿੱਚ ਨੌਜਵਾਨ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ, ਜੋ ਪੰਜਾਬ ਦੇ ਉੱਜਵਲ ਖੇਡ ਭਵਿੱਖ ਦੀ ਨਿਸ਼ਾਨੀ ਹੈ।

ਹਰਜਿੰਦਰ ਕੌਰ ਨੇ ਨੌਜਵਾਨ ਖਿਡਾਰੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਹਰ ਖਿਡਾਰੀ ਦਾ ਸੁਪਨਾ ਉੱਚੇ ਪੱਧਰ ’ਤੇ ਪਹੁੰਚ ਕੇ ਆਪਣੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨਾ ਹੁੰਦਾ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ ਸਖ਼ਤ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਬਹੁਤ ਜ਼ਰੂਰੀ ਹੈ।

ਉਨ੍ਹਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਅਤੇ ਆਪਣੇ ਮਾਪਿਆਂ ਵੱਲੋਂ ਵੇਖੇ ਸੁਪਨਿਆਂ ਨੂੰ ਪੂਰਾ ਕਰਨ ਲਈ ਪੂਰੀ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਅੱਗੇ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਾਭ ਲੈਂਦਿਆਂ ਨੌਜਵਾਨਾਂ ਨੂੰ ਆਪਣੇ ਲਈ ਵੱਡੇ ਟੀਚੇ ਨਿਰਧਾਰਤ ਕਰਨੇ ਚਾਹੀਦੇ ਹਨ ਅਤੇ ਪੰਜਾਬ ਦਾ ਨਾਂ ਦੇਸ਼-ਵਿਦੇਸ਼ ਵਿੱਚ ਰੌਸ਼ਨ ਕਰਨਾ ਚਾਹੀਦਾ ਹੈ।

ਇਸ ਮੌਕੇ ਰਾਸ਼ਟਰਮੰਡਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੀ ਮੈਡਲ ਜੇਤੂ ਵੇਟਲਿਫਟਰ ਹਰਜਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਖੇਡ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਗਈ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਰਜਿੰਦਰ ਕੌਰ ਵਰਗੇ ਖਿਡਾਰੀ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਇਹ ਸਾਬਤ ਕਰਦੀਆਂ ਹਨ ਕਿ ਪੰਜਾਬ ਦੀ ਧਰਤੀ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ, ਲੋੜ ਸਿਰਫ਼ ਇਸ ਪ੍ਰਤਿਭਾ ਨੂੰ ਸਹੀ ਮੰਚ, ਮੌਕੇ ਅਤੇ ਮਾਰਗਦਰਸ਼ਨ ਦੇਣ ਦੀ ਹੈ।

ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਰਾਹੀਂ ਪਿੰਡ ਪੱਧਰ ਤੋਂ ਲੈ ਕੇ ਉੱਚ ਪੱਧਰ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਇਹਨਾਂ ਖੇਡਾਂ ਦੇ ਮੌਜੂਦਾ ਸੀਜ਼ਨ ਦੌਰਾਨ ਪਿਛਲੇ ਸਾਰੇ ਰਿਕਾਰਡ ਪਾਰ ਕਰਦਿਆਂ ਹੋਰ ਵੀ ਵੱਡੀ ਗਿਣਤੀ ਵਿੱਚ ਖਿਡਾਰੀ ਹਿੱਸਾ ਲੈਣਗੇ ਅਤੇ ਪੰਜਾਬ ਦੇ ਖੇਡ ਮੈਦਾਨਾਂ ਵਿੱਚੋਂ ਭਵਿੱਖ ਦੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਚੈਂਪੀਅਨ ਤਿਆਰ ਹੋਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਰਾਜਬੀਰ ਸਿੰਘ ਭੰਗੂ, ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਸਮੇਤ ਕੋਚ, ਖਿਡਾਰੀ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ।

Leave a Reply

Your email address will not be published. Required fields are marked *

View in English