ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਦਸੰਬਰ 30
ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ ਅਤੇ ਆਸਪਾਸ ਦੇ ਖੇਤਰਾਂ ਵਿੱਚ ਅੱਜ ਅਤੇ ਐਤਵਾਰ ਨੂੰ ਕੜਾਕੇ ਦੀ ਠੰਡ ਪੈ ਸਕਦੀ ਹੈ। ਮੌਸਮ ਵਿਭਾਗ ਨੇ 2 ਜਨਵਰੀ ਤੱਕ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਸਮੇਤ ਉੱਤਰੀ ਭਾਰਤ ਵਿੱਚ ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ ਸੰਘਣੀ ਧੁੰਦ ਛਾਈ ਰਹੀ। ਇਸ ਕਾਰਨ 250 ਤੋਂ ਵੱਧ ਉਡਾਣਾਂ ਪ੍ਰਭਾਵਿਤ ਹੋਈਆਂ, ਜਿਨ੍ਹਾਂ ਵਿਚ ਇਕੱਲੇ ਦਿੱਲੀ ਦੀਆਂ 238 ਉਡਾਣਾਂ ਸ਼ਾਮਲ ਹਨ। ਇਸ ਦੇ ਨਾਲ ਹੀ 125 ਤੋਂ ਵੱਧ ਟਰੇਨਾਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ।
ਭਾਰਤੀ ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਦੇ ਨਾਲ-ਨਾਲ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ‘ਠੰਡੇ ਦਿਨ’ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਨੇ ਉੱਤਰੀ ਭਾਰਤੀ ਰਾਜਾਂ ਵਿੱਚ 2 ਜਨਵਰੀ ਤੱਕ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਦਿੱਲੀ ‘ਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 10.7 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 19.8 ਡਿਗਰੀ ਸੈਲਸੀਅਸ ਰਿਹਾ। ਸੰਘਣੀ ਧੁੰਦ ਨੇ ਆਵਾਜਾਈ ਸੇਵਾਵਾਂ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ। ਹਾਲਾਂਕਿ, ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਵੇਰੇ 150 ਮੀਟਰ ਤੱਕ ਦ੍ਰਿਸ਼ਤਾ ਮਾਮੂਲੀ ਸੁਧਰ ਗਈ। ਉਡਾਣਾਂ ਦੀ ਆਵਾਜਾਈ ਵਿੱਚ ਦੇਰੀ ਹੋਈ, ਪਰ ਕੋਈ ਉਡਾਣ ਰੱਦ ਨਹੀਂ ਹੋਈ। ਚੰਡੀਗੜ੍ਹ ਹਵਾਈ ਅੱਡੇ ਤੋਂ 14 ਉਡਾਣਾਂ ਰੱਦ ਕਰਨੀਆਂ ਪਈਆਂ।







