ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ: ਕਰਨਾਟਕ ਅਤੇ ਅਰੁਣਾਚਲ ਪ੍ਰਦੇਸ਼ ਨੇ ਵਧਾਇਆ ਮਹਿੰਗਾਈ ਭੱਤਾ (DA), ਜਾਣੋ ਕਿਸ ਰਾਜ ‘ਚ ਕਿੰਨਾ ਹੋਇਆ ਵਾਧਾ

ਨਵੀਂ ਦਿੱਲੀ, 7 ਨਵੰਬਰ, 2026 : ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਤਰਜ਼ ‘ਤੇ ਹੁਣ ਸੂਬਾ ਸਰਕਾਰਾਂ ਨੇ ਵੀ ਆਪਣੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਖ਼ਜ਼ਾਨੇ ਦੇ ਬੂਹੇ ਖੋਲ੍ਹ ਦਿੱਤੇ ਹਨ। ਕੇਂਦਰ ਵੱਲੋਂ ਬੀਤੇ ਮਹੀਨੇ 3 ਫ਼ੀਸਦੀ ਮਹਿੰਗਾਈ ਭੱਤਾ (DA) ਵਧਾਏ ਜਾਣ ਤੋਂ ਬਾਅਦ ਹੁਣ ਕਰਨਾਟਕ ਅਤੇ ਅਰੁਣਾਚਲ ਪ੍ਰਦੇਸ਼ ਸਰਕਾਰ ਨੇ ਵੀ ਆਪਣੇ ਮੁਲਾਜ਼ਮਾਂ ਦੇ ਡੀਏ ਅਤੇ ਡੀਆਰ (DR) ਵਿੱਚ ਵਾਧਾ ਕਰਨ ਦਾ ਵੱਡਾ ਐਲਾਨ ਕੀਤਾ ਹੈ।

ਦੋਵਾਂ ਰਾਜਾਂ ਵਿੱਚ ਕੀਤੇ ਗਏ ਵਾਧੇ ਦਾ ਵੇਰਵਾ:

  • ਕਰਨਾਟਕ: ਸੂਬਾ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 2.5 ਫ਼ੀਸਦੀ ਦਾ ਵਾਧਾ ਕੀਤਾ ਹੈ, ਜਿਸ ਨਾਲ ਹੁਣ ਕਰਨਾਟਕ ਦੇ ਸਰਕਾਰੀ ਕਰਮਚਾਰੀਆਂ ਨੂੰ 18 ਫ਼ੀਸਦੀ ਡੀਏ ਮਿਲੇਗਾ। ਇਹ ਵਧਿਆ ਹੋਇਆ ਭੱਤਾ 1 ਜੁਲਾਈ ਤੋਂ ਲਾਗੂ ਮੰਨਿਆ ਜਾਵੇਗਾ।
  • ਅਰੁਣਾਚਲ ਪ੍ਰਦੇਸ਼: ਮੁੱਖ ਮੰਤਰੀ ਪੇਮਾ ਖਾਂਡੂ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਡੀਏ ਅਤੇ ਡੀਆਰ ਵਿੱਚ 3 ਫ਼ੀਸਦੀ ਦਾ ਵਾਧਾ ਕੀਤਾ ਹੈ, ਜਿਸ ਨਾਲ ਸੂਬਾ ਮੁਲਾਜ਼ਮਾਂ ਦਾ ਕੁੱਲ ਡੀਏ ਵਧ ਕੇ 63 ਫ਼ੀਸਦੀ ਹੋ ਗਿਆ ਹੈ। ਇਹ ਵਾਧਾ 1 ਜੁਲਾਈ 2026 ਤੋਂ ਲਾਗੂ ਹੋਵੇਗਾ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਜੁਲਾਈ 2026 ਚੱਕਰ ਤਹਿਤ ਆਪਣੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫ਼ੀਸਦੀ ਵਾਧਾ ਕੀਤਾ ਸੀ, ਜਿਸ ਨਾਲ ਕੇਂਦਰੀ ਮੁਲਾਜ਼ਮਾਂ ਦਾ ਡੀਏ 63 ਫ਼ੀਸਦੀ ਤੱਕ ਪਹੁੰਚ ਗਿਆ ਹੈ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਤਾਮਿਲਨਾਡੂ, ਰਾਜਸਥਾਨ, ਹਰਿਆਣਾ ਅਤੇ ਛੱਤੀਸਗੜ੍ਹ ਵਰਗੇ ਰਾਜ ਪਹਿਲਾਂ ਹੀ ਦੀਵਾਲੀ ਤੋਂ ਪਹਿਲਾਂ ਆਪਣੇ ਕਰਮਚਾਰੀਆਂ ਲਈ ਡੀਏ ਵਧਾਉਣ ਦਾ ਐਲਾਨ ਕਰ ਚੁੱਕੇ ਹਨ।

Leave a Reply

Your email address will not be published. Required fields are marked *

View in English