ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਸਿੰਘ ਗੜ੍ਹੀ

ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਚਰਨਜੀਤ ਚੰਨੀ ਆਪਣੇ ਕਾਰਜਕਾਲ ਦੌਰਾਨ ਹੋਈ ਮਾਈਨਿੰਗ ਬਾਰੇ ਜਵਾਬ ਦੇਣ: ਜਸਵੀਰ ਸਿੰਘ ਗੜ੍ਹੀ

ਚੰਨੀ ਕੁਦਰਤੀ ਸਰੋਤਾਂ ਦੀ ਰਾਖੀ ਲਈ ਗੰਭੀਰ ਹਨ ਤਾਂ ਆਪਣੇ ਕਾਰਜਕਾਲ ਦੌਰਾਨ ਮਾਈਨਿੰਗ ਸਬੰਧੀ ਸ਼ਿਕਾਇਤਾਂ ਬਾਰੇ ਸਪੱਸ਼ਟਕਰਨ ਦੇਣ: ਜਸਵੀਰ ਸਿੰਘ ਗੜ੍ਹੀ

ਪਿਛਲੀ ਸਰਕਾਰ ਦੌਰਾਨ ਮਾਈਨਿੰਗ ਸਬੰਧੀ ਸ਼ਿਕਾਇਤਾਂ ਦੀ ਜਾਂਚ ਕਰਕੇ ਤੱਥ ਜਨਤਕ ਕੀਤੇ ਜਾਣ: ਜਸਵੀਰ ਸਿੰਘ ਗੜ੍ਹੀ

ਪੰਜਾਬ ਦੇ ਲੋਕ ਸਿਆਸੀ ਡਰਾਮੇਬਾਜ਼ੀ ਨਹੀਂ, ਸਗੋਂ ਸੱਚਾਈ, ਪਾਰਦਰਸ਼ਤਾ ਅਤੇ ਜਵਾਬਦੇਹੀ ਚਾਹੁੰਦੇ ਹਨ: ਜਸਵੀਰ ਗੜ੍ਹੀ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ: ਆਮ ਆਦਮੀ ਪਾਰਟੀ ਦੇ  ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ ਸ. ਜਸਵੀਰ ਸਿੰਘ ਗੜ੍ਹੀ ਨੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੋਂ ਆਪਣੇ ਕਾਰਜਕਾਲ ਦੌਰਾਨ ਹੋਈ ਨਾਜਾਇਜ਼ ਮਾਈਨਿੰਗ ਸਬੰਧੀ ਮਾਮਲਿਆਂ ਬਾਰੇ ਸਪੱਸ਼ਟੀਕਰਨ ਦੇਣ ਦੀ ਮੰਗ ਕਰਦਿਆਂ ਤਿੱਖਾ ਪਲਟਵਾਰ ਕੀਤਾ। ਉਨ੍ਹਾਂ ਪਿਛਲੀ ਸਰਕਾਰ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਹੋਈ ਕਥਿਤ ਨਾਜਾਇਜ਼ ਮਾਈਨਿੰਗ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਜਿੰਦਾਪੁਰ, ਦਾਊਦਪੁਰ, ਫੱਸੇ ਸਮੇਤ ਇਲਾਕੇ ਦੇ ਹੋਰ ਸਥਾਨਾਂ ਨਾਲ ਸਬੰਧਤ ਸ਼ਿਕਾਇਤਾਂ ’ਤੇ ਕੀਤੀ ਗਈ ਕਾਰਵਾਈ ਬਾਰੇ ਚੰਨੀ ਤੋਂ ਉਸਦੀ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ, “ਪੰਜਾਬੀਆਂ ਨੂੰ ਪੱਗਾਂ ਸੰਭਾਲਣ ਦਾ ਹੋਕਾ ਦੇਣ ਤੋਂ ਪਹਿਲਾਂ ਸ. ਚਰਨਜੀਤ ਸਿੰਘ ਚੰਨੀ ਨੂੰ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਹੋਈ ਕਥਿਤ ਨਾਜਾਇਜ਼ ਮਾਈਨਿੰਗ ਬਾਰੇ ਜਵਾਬ ਦੇਣਾ ਚਾਹੀਦਾ ਹੈ ਜਿਸ ਦੇ ਬਾਰੇ ਪੂਰੇ ਦੇਸ਼ ਨੂੰ ਪਤਾ ਹੈ।

ਉਨ੍ਹਾਂ ਕਿਹਾ ਕਿ ਨਾਜਾਇਜ਼ ਮਾਈਨਿੰਗ ਪੰਜਾਬ ਦੇ ਕੁਦਰਤੀ ਸਰੋਤਾਂ, ਵਾਤਾਵਰਨ ਅਤੇ ਲੋਕ ਹਿੱਤਾਂ ਨਾਲ ਜੁੜਿਆ ਗੰਭੀਰ ਮੁੱਦਾ ਹੈ। ਇਸ ਨੂੰ ਸਿਰਫ਼ ਟਿੱਪਰ ’ਤੇ ਬੈਠ ਕੇ ਵੀਡੀਓ ਬਣਾਉਣ ਜਾਂ ਬਿਆਨ ਦੇਣ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ।”

ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਮਾਈਨਿੰਗ ਕੀਤੇ ਜਾਣ ਦੀ ਗੱਲ ਕਰਦਿਆਂ ਸ. ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਕੁਦਰਤੀ ਸਰੋਤਾਂ ਦੀ ਰਾਖੀ ਲਈ ਹਰ ਰਾਜਨੀਤਿਕ ਵਿਅਕਤੀ ਨੂੰ ਆਪਣੇ ਕਾਰਜਕਾਲ ਦੌਰਾਨ ਹੋਏ ਕੰਮਾਂ ਬਾਰੇ ਵੀ ਜਵਾਬਦੇਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਨੂੰ ਸਿਆਸੀ ਬਿਆਨਬਾਜ਼ੀ ਨਹੀਂ, ਸਗੋਂ ਤੱਥਾਂ, ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਲੋੜ ਹੈ। ਜੇਕਰ ਸ. ਚਰਨਜੀਤ ਸਿੰਘ ਚੰਨੀ ਇਸ ਮੁੱਦੇ ਨੂੰ ਲੈ ਕੇ ਗੰਭੀਰ ਹਨ ਤਾਂ ਉਨ੍ਹਾਂ ਨੂੰ ਆਪਣੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਸਾਹਮਣੇ ਆਈਆਂ ਮਾਈਨਿੰਗ ਸਬੰਧੀ ਸ਼ਿਕਾਇਤਾਂ ਅਤੇ ਮਾਮਲਿਆਂ ਬਾਰੇ ਆਪਣਾ ਪੱਖ ਵੀ ਸਪੱਸ਼ਟ ਕਰਨਾ ਚਾਹੀਦਾ ਹੈ।”

ਜਿੰਦਾਪੁਰ, ਦਾਊਦਪੁਰ, ਫੱਸੇ ਅਤੇ ਇਲਾਕੇ ਦੇ ਹੋਰ ਸਥਾਨਾਂ ਦਾ ਜ਼ਿਕਰ ਕਰਦਿਆਂ ਸ. ਗੜ੍ਹੀ ਨੇ ਪਿਛਲੀ ਸਰਕਾਰ ਦੇ ਸਮੇਂ ਦੌਰਾਨ ਕਥਿਤ ਨਾਜਾਇਜ਼ ਮਾਈਨਿੰਗ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਸਾਲ 2021 ਤੋਂ 2023 ਦੌਰਾਨ ਆਏ ਹੜ੍ਹਾਂ ਅਤੇ ਇਲਾਕੇ ਵਿੱਚ ਹੋਏ ਨੁਕਸਾਨ ਦੇ ਸੰਦਰਭ ਵਿੱਚ ਮਾਈਨਿੰਗ ਗਤੀਵਿਧੀਆਂ ਦੀ ਜਾਂਚ ਕਰਵਾਉਣ ’ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਕਿਹਾ, “ਜਾਂਚ ਰਾਹੀਂ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਕੀ ਕੁਦਰਤੀ ਪਾਣੀ ਦੇ ਵਹਾਅ ਨਾਲ ਛੇੜਛਾੜ ਜਾਂ ਵਾਤਾਵਰਨ ਨੂੰ ਹੋਏ ਨੁਕਸਾਨ ਦੀ ਸਥਿਤੀ ਨੂੰ ਵਧਾਉਣ ਵਿੱਚ ਕੋਈ ਭੂਮਿਕਾ ਨਿਭਾਈ ਸੀ। ਸਬੰਧਤ ਰਿਕਾਰਡ ਦੀ ਜਾਂਚ ਕੀਤੀ ਜਾਵੇ ਅਤੇ ਜਾਂਚ ਦੇ ਨਤੀਜੇ ਜਨਤਕ ਕੀਤੇ ਜਾਣ ਤਾਂ ਜੋ ਲੋਕਾਂ ਸਾਹਮਣੇ ਸੱਚਾਈ ਆ ਸਕੇ।”

ਸ. ਜਸਵੀਰ ਸਿੰਘ ਗੜ੍ਹੀ ਨੇ 25 ਜਨਵਰੀ 2022 ਦੀ ਜੰਗਲਾਤ ਵਿਭਾਗ ਨਾਲ ਸਬੰਧਤ ਇੱਕ ਸ਼ਿਕਾਇਤ ਦਾ ਹਵਾਲਾ ਵੀ ਦਿੱਤਾ। ਉਨ੍ਹਾਂ ਅਨੁਸਾਰ, ਇਸ ਸ਼ਿਕਾਇਤ ਵਿੱਚ ਸਰਕਾਰੀ ਜੰਗਲਾਤ ਵਾਲੇ ਖੇਤਰ ਵਿੱਚ ਮਸ਼ੀਨਾਂ ਰਾਹੀਂ ਖੁਦਾਈ ਕਰਨ ਅਤੇ ਟਿੱਪਰਾਂ ਰਾਹੀਂ ਰੇਤ ਕੱਢਣ ਦੇ ਦੋਸ਼ ਲਗਾਏ ਗਏ ਸਨ। ਉਨ੍ਹਾਂ ਸ਼ਿਕਾਇਤ, ਸਰਕਾਰੀ ਰਿਕਾਰਡ ਅਤੇ ਇਸ ਤੋਂ ਬਾਅਦ ਕੀਤੀ ਗਈ ਕਾਰਵਾਈ ਦੀ ਸਮੀਖਿਆ ਕਰਨ ਦੀ ਮੰਗ ਕਰਦਿਆਂ ਸਬੰਧਤ ਅਧਿਕਾਰੀਆਂ ਦੀ ਭੂਮਿਕਾ ਬਾਰੇ ਸਵਾਲ ਉਠਾਏ।

ਉਨ੍ਹਾਂ ਕਿਹਾ, “ਜਦੋਂ ਸਬੰਧਤ ਅਧਿਕਾਰੀਆਂ ਵੱਲੋਂ ਕਥਿਤ ਗੈਰ-ਕਾਨੂੰਨੀ ਗਤੀਵਿਧੀਆਂ ਦਾ ਮਾਮਲਾ ਉਠਾਇਆ ਗਿਆ ਸੀ ਤਾਂ ਉਸ ਤੋਂ ਬਾਅਦ ਕੀ ਕਾਰਵਾਈ ਕੀਤੀ ਗਈ, ਇਸ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਸ਼ਿਕਾਇਤ, ਜਾਂਚ ਦੇ ਨਤੀਜੇ ਅਤੇ ਕੀਤੀ ਗਈ ਕਾਰਵਾਈ ਜਨਤਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਮਾਮਲੇ ਦੀ ਸਹੀ ਜਾਂਚ ਹੋਈ ਸੀ ਜਾਂ ਨਹੀਂ ਅਤੇ ਕਿਸੇ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਸੀ ਜਾਂ ਨਹੀਂ।”

ਹਲਕਾ ਸ੍ਰੀ ਚਮਕੌਰ ਸਾਹਿਬ ਦੇ ਮੰਡ ਖੇਤਰ ਵਿੱਚ ਆਪਣੇ ਯਤਨਾਂ ਸਦਕਾ ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ ਦਾ ਦਾਅਵਾ ਕਰਦਿਆਂ ਸ. ਗੜ੍ਹੀ ਨੇ ਕਿਹਾ ਕਿ ਜਿੱਥੇ ਵੀ ਨਾਜਾਇਜ਼ ਮਾਈਨਿੰਗ ਦੀ ਸੂਚਨਾ ਮਿਲੇਗੀ, ਉੱਥੇ ਸਬੰਧਤ ਵਿਭਾਗਾਂ ਰਾਹੀਂ ਕਾਰਵਾਈ ਕਰਵਾਉਣ ਲਈ ਯਤਨ ਜਾਰੀ ਰਹਿਣਗੇ।

ਉਨ੍ਹਾਂ ਕਿਹਾ, “ਮੈਂ ਕਿਸੇ ਵੀ ਵਿਅਕਤੀ ਵੱਲੋਂ ਕੀਤੀ ਜਾਂਦੀ ਨਾਜਾਇਜ਼ ਮਾਈਨਿੰਗ ਦੇ ਹੱਕ ਵਿੱਚ ਨਹੀਂ ਹਾਂ। ਸਿਆਸੀ ਪਾਰਟੀ ਜਾਂ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਕਾਨੂੰਨ ਸਾਰਿਆਂ ’ਤੇ ਬਰਾਬਰ ਲਾਗੂ ਹੋਣਾ ਚਾਹੀਦਾ ਹੈ। ਜੇਕਰ ਕਾਨੂੰਨੀ ਜਾਂਚ ਦੌਰਾਨ ਕਿਸੇ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਚਾਹੀਦੀ ਹੈ।”

ਸ. ਗੜ੍ਹੀ ਨੇ ਬੇਲੇ ਤੋਂ ਪਨਿਆਲੀ ਪੁਲ ਦੇ ਨਿਰਮਾਣ ਅਤੇ ਮੰਡ ਖੇਤਰ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੋਂ ਆਪਣੇ ਕਾਰਜਕਾਲ ਦੌਰਾਨ ਇਸ ਸਬੰਧੀ ਕੀਤੇ ਗਏ ਕੰਮਾਂ, ਪ੍ਰਾਜੈਕਟ ਦੀ ਮੌਜੂਦਾ ਸਥਿਤੀ ਅਤੇ ਸਬੰਧਤ ਸਰਕਾਰੀ ਰਿਕਾਰਡ ਬਾਰੇ ਸਪੱਸ਼ਟੀਕਰਨ ਮੰਗਿਆ।

ਉਨ੍ਹਾਂ ਕਿਹਾ, “ਮੰਡ ਖੇਤਰ ਦੇ ਲੋਕਾਂ ਨੂੰ ਉਨ੍ਹਾਂ ਨਾਲ ਕੀਤੇ ਵਾਅਦਿਆਂ, ਕੀਤੇ ਗਏ ਕੰਮਾਂ ਅਤੇ ਪ੍ਰਾਜੈਕਟ ਦੀ ਮੌਜੂਦਾ ਸਥਿਤੀ ਬਾਰੇ ਸਪੱਸ਼ਟ ਜਾਣਕਾਰੀ ਮਿਲਣੀ ਚਾਹੀਦੀ ਹੈ। ਇਸ ਮਾਮਲੇ ਵਿੱਚ ਪੂਰੀ ਸਥਿਤੀ ਸਪੱਸ਼ਟ ਕਰਨ ਲਈ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਜਾਵੇ।”

ਸ੍ਰੀ ਚਮਕੌਰ ਸਾਹਿਬ, ਮੋਰਿੰਡਾ, ਭੱਠਾ ਸਾਹਿਬ, ਕੋਟਲਾ ਨਿਹੰਗ ਅਤੇ ਘੜੂੰਆਂ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਇਹ ਇਲਾਕਾ ਸਿੱਖ ਇਤਿਹਾਸ ਅਤੇ ਮਹਾਨ ਸ਼ਹਾਦਤਾਂ ਦਾ ਗਵਾਹ ਹੈ।

ਉਨ੍ਹਾਂ ਕਿਹਾ, “ਇਹ ਇਤਿਹਾਸਕ ਧਰਤੀ ਧਾਰਮਿਕ ਅਤੇ ਇਤਿਹਾਸਕ ਪੱਖੋਂ ਬੇਹੱਦ ਮਹੱਤਵਪੂਰਨ ਹੈ। ਇਸ ਦੀ ਮਰਿਆਦਾ ਨੂੰ ਕਾਇਮ ਰੱਖਣਾ, ਨੌਜਵਾਨਾਂ ਦੇ ਭਵਿੱਖ ਦੀ ਰਾਖੀ ਕਰਨਾ ਅਤੇ ਸਮਾਜਿਕ ਮਾਹੌਲ ਨੂੰ ਸੁਰੱਖਿਅਤ ਬਣਾਈ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।”

ਸ. ਗੜ੍ਹੀ ਨੇ ਇਲਾਕੇ ਵਿੱਚ ਸ਼ਰਾਬ ਦੇ ਕਾਰੋਬਾਰ ਅਤੇ ਸਮਾਜਿਕ ਸਮਾਗਮਾਂ ਦੌਰਾਨ ਸ਼ਰਾਬ ਦੀ ਵਰਤੋਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਸਮੇਂ ਦੌਰਾਨ ਅਜਿਹੇ ਮਾਮਲਿਆਂ ਨੂੰ ਲੈ ਕੇ ਸਵਾਲ ਉੱਠਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸਮਾਜਿਕ ਮਾਹੌਲ ਅਤੇ ਇਤਿਹਾਸਕ ਮਹੱਤਤਾ ਨਾਲ ਜੁੜੇ ਮੁੱਦਿਆਂ ਨੂੰ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ।

ਪਾਰਦਰਸ਼ਤਾ ਦੀ ਮੰਗ ਦੁਹਰਾਉਂਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਬਿਆਨਬਾਜ਼ੀ ਦੀ ਬਜਾਏ ਸਪੱਸ਼ਟ ਜਵਾਬ ਚਾਹੁੰਦੇ ਹਨ। ਉਨ੍ਹਾਂ ਮਾਈਨਿੰਗ ਸਬੰਧੀ ਪੁਰਾਣੀਆਂ ਸ਼ਿਕਾਇਤਾਂ, ਜੰਗਲਾਤ ਵਿਭਾਗ ਦੇ ਰਿਕਾਰਡ, ਸਰਕਾਰੀ ਕਾਰਵਾਈ ਅਤੇ ਵਾਤਾਵਰਨ ਨੂੰ ਹੋਏ ਸੰਭਾਵੀ ਨੁਕਸਾਨ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ, “ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਕਿਸੇ ਇੱਕ ਸਿਆਸੀ ਪਾਰਟੀ ਜਾਂ ਵਿਅਕਤੀ ਤੱਕ ਸੀਮਤ ਨਹੀਂ ਹੋਣੀ ਚਾਹੀਦੀ। ਕਾਨੂੰਨੀ ਜਾਂਚ ਦੌਰਾਨ ਜਿਸ ਦੀ ਵੀ ਸ਼ਮੂਲੀਅਤ ਸਾਹਮਣੇ ਆਵੇ, ਉਸ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਜਾਂਚ ਦੇ ਨਤੀਜੇ ਜਨਤਕ ਹੋਣ ਅਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।”

ਇਸ ਮੌਕੇ ਅਮਨਦੀਪ ਸਿੰਘ ਮਾਂਗਟ, ਪਿੰਡ ਫਰੀਦ ਦੇ ਸਰਪੰਚ ਗੁਰਪ੍ਰੀਤ ਸਿੰਘ ਹੈਪੀ, ਵਿਕਰਾਂਤ ਠਾਕੁਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *

View in English