ਮੋਹਾਲੀ/ਚੰਡੀਗੜ੍ਹ, 8 ਅਕਤੂਬਰ, 2026: ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਗਿਆ ਹੈ। ਬੁੱਧਵਾਰ ਨੂੰ ਹੋਈ ਗੜੇਮਾਰੀ ਅਤੇ ਮੀਂਹ ਤੋਂ ਬਾਅਦ ਅੱਜ (8 ਅਕਤੂਬਰ) ਵੀ ਮੌਸਮ ਵਿਭਾਗ ਵੱਲੋਂ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ-ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਗਿਆਨ ਕੇਂਦਰ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ਵਿੱਚ ਮੀਂਹ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਨਵਾਂਸ਼ਹਿਰ, ਰੋਪੜ ਅਤੇ ਮੋਹਾਲੀ ਦੇ ਕੁਝ ਖੇਤਰਾਂ ਵਿੱਚ ਬਿਜਲੀ ਚਮਕਣ ਅਤੇ ਤੇਜ਼ ਅੰਧੜ ਚੱਲਣ ਲਈ ਵਿਸ਼ੇਸ਼ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ‘ਚ ਆਈ ਇਸ ਤਬਦੀਲੀ ਕਾਰਨ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.8 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜਦਕਿ ਚੰਡੀਗੜ੍ਹ ਵਿੱਚ 7.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਅਨੁਸਾਰ 8 ਤੋਂ 10 ਅਕਤੂਬਰ ਤੱਕ ਮੌਸਮ ਖਰਾਬ ਰਹਿ ਸਕਦਾ ਹੈ, ਹਾਲਾਂਕਿ ਪੱਛਮੀ ਗੜਬੜੀ ਅਤੇ ਦੱਖਣੀ ਹਰਿਆਣਾ ਉੱਪਰ ਬਣਿਆ ਚੱਕਰਵਾਤੀ ਘੇਰਾ ਹੌਲੀ-ਹੌਲੀ ਕਮਜ਼ੋਰ ਪੈ ਰਿਹਾ ਹੈ। ਠੰਢੀਆਂ ਹਵਾਵਾਂ ਅਤੇ ਤਾਪਮਾਨ ‘ਚ ਗਿਰਾਵਟ ਕਾਰਨ ਪੰਜਾਬ ‘ਚ ਬਿਜਲੀ ਦੀ ਮੰਗ ‘ਚ ਵੀ ਭਾਰੀ ਕਮੀ ਆਈ ਹੈ, ਜੋ ਘਟ ਕੇ 8,672 ਮੈਗਾਵਾਟ ਰਹਿ ਗਈ ਹੈ।







