30 ਅਗਸਤ, 2026: ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੂਬੇ ਵਿੱਚ ਆਪਣੀ ਰਣਨੀਤੀ ਮਜ਼ਬੂਤ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਪਾਰਟੀ 15 ਸਤੰਬਰ ਤੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਨ ਲਈ ਚਾਰ ਵਿਸ਼ਾਲ ਨਸ਼ਾ ਵਿਰੋਧੀ ਯਾਤਰਾਵਾਂ ਸ਼ੁਰੂ ਕਰਨ ਜਾ ਰਹੀ ਹੈ।
ਇਨ੍ਹਾਂ ਚਾਰਾਂ ਯਾਤਰਾਵਾਂ ਦੇ ਸਮਾਪਨ ਤੋਂ ਬਾਅਦ ਸੂਬੇ ਵਿੱਚ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸ਼ਾਮਲ ਹੋਣ ਦੀ ਉਮੀਦ ਹੈ। ਭਾਜਪਾ ਨੇਤਾ ਅਨਿਲ ਸਰੀਨ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਕੋਈ ਸਿਆਸੀ ਮੁੱਦਾ ਨਹੀਂ ਹੈ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਆਮ ਲੋਕਾਂ ਨੂੰ ਇੱਕਜੁੱਟ ਹੋ ਕੇ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਪੂਰਾ ਵੇਰਵਾ ਜਲਦੀ ਹੀ ਜਨਤਕ ਕੀਤਾ ਜਾਵੇਗਾ।
ਇਸ ਦੇ ਨਾਲ ਹੀ, ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਦੇਸ਼ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਇਸ ਵਿਰੁੱਧ ਜਾਗਰੂਕਤਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਭਾਜਪਾ ਇਸ ਮੁਹਿੰਮ ਰਾਹੀਂ ਨਸ਼ਿਆਂ ਦੇ ਗੰਭੀਰ ਮੁੱਦੇ ‘ਤੇ ਸੂਬਾ ਸਰਕਾਰ ਨੂੰ ਘੇਰਨ ਅਤੇ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕਰਨ ਦੀ ਤਿਆਰੀ ਕਰ ਰਹੀ ਹੈ।







