ਫੈਕਟ ਸਮਾਚਾਰ ਸੇਵਾ
ਪਟਿਆਲਾ , ਸਤੰਬਰ 17
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬੰਦੀ ਸਿੰਘ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਜੇਲ੍ਹ ਪਟਿਆਲਾ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਆਪਣੀ ਰਹਿਮ ਦੀ ਅਪੀਲ ‘ਤੇ ਪਿਛਲੇ 15 ਸਾਲਾਂ ਤੋਂ ਲਟਕ ਰਹੇ ਫ਼ੈਸਲੇ ਨੂੰ ਜਲਦ ਸੁਣਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ।
ਰਾਜੋਆਣਾ ਨੇ ਲਿਖਿਆ ਕਿ ਉਹ ਪਿਛਲੇ 31 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਬੀਤੇ 20 ਸਾਲਾਂ ਤੋਂ ਫਾਂਸੀ ਦੀ ਚੱਕੀ ਵਿੱਚ ਬੰਦ ਰਹਿ ਕੇ ਅੰਤਿਮ ਫ਼ੈਸਲੇ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਉਨ੍ਹਾਂ ਆਪਣੇ ਕੀਤੇ ਕੰਮ ਨੂੰ ਕਦੇ ਨਹੀਂ ਲੁਕਾਇਆ ਅਤੇ ਹੱਸ ਕੇ ਫਾਂਸੀ ਦੀ ਸਜ਼ਾ ਕਬੂਲ ਕੀਤੀ ਸੀ। ਸਾਲ 2012 ਵਿੱਚ ਜਦੋਂ ਅਦਾਲਤ ਨੇ ਉਨ੍ਹਾਂ ਦੇ ਫਾਂਸੀ ਦੇ ਵਾਰੰਟ ਜਾਰੀ ਕੀਤੇ ਸਨ, ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ, ਜਿਸ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਰੋਕ ਲਗਾ ਦਿੱਤੀ ਸੀ। ਉਨ੍ਹਾਂ ਅਫ਼ਸੋਸ ਜਤਾਇਆ ਕਿ ਦੇਸ਼ ਦੀ ਸੁਪਰੀਮ ਕੋਰਟ ਦੇ ਵਾਰ-ਵਾਰ ਹੁਕਮਾਂ ਦੇ ਬਾਵਜੂਦ ਕੇਂਦਰ ਸਰਕਾਰ ਇਸ ‘ਤੇ ਕੋਈ ਫ਼ੈਸਲਾ ਨਹੀਂ ਲੈ ਰਹੀ।
ਕੇਂਦਰ ਵੱਲੋਂ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੇ ਫ਼ੈਸਲੇ ਨਾਲ “ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ” ਦੱਸੇ ਜਾਣ ‘ਤੇ ਸਵਾਲ ਚੁੱਕਦਿਆਂ ਰਾਜੋਆਣਾ ਨੇ ਕਿਹਾ ਕਿ ਤਿੰਨ ਦਹਾਕਿਆਂ ਤੋਂ ਨਜ਼ਰਬੰਦ ਇੱਕ ਇਕੱਲੇ ਕੈਦੀ ਨਾਲ ਪ੍ਰਮਾਣੂ ਸ਼ਕਤੀ ਸੰਪੰਨ ਦੇਸ਼ ਦੀ ਸੁਰੱਖਿਆ ਕਿਵੇਂ ਖ਼ਤਰੇ ਵਿੱਚ ਪੈ ਸਕਦੀ ਹੈ! ਉਨ੍ਹਾਂ ਦੋਸ਼ ਲਾਇਆ ਕਿ ਫ਼ੈਸਲੇ ਨੂੰ ਬਿਨਾਂ ਕਾਰਨ ਲਟਕਾਉਣਾ ਮੌਤ ਨਾਲੋਂ ਵੀ ਵੱਡੀ ਸਜ਼ਾ ਹੈ। ਉਨ੍ਹਾਂ ਪੰਜਾਬ ਅੰਦਰ ਏਜੰਸੀਆਂ ਦੀ ਕਾਰਗੁਜ਼ਾਰੀ ਅਤੇ ਰਾਜਸੀ ਖੇਡਾਂ ‘ਤੇ ਵੀ ਸਖ਼ਤ ਨਿਸ਼ਾਨੇ ਵਿੰਨ੍ਹੇ।
ਅਖ਼ੀਰ ਵਿੱਚ ਰਾਜੋਆਣਾ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਇਆ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਫਾਂਸੀ ਦੇ ਕੇ ਆਪਣੀ ਕੋਈ ਤਸੱਲੀ ਕਰਨਾ ਚਾਹੁੰਦੀ ਹੈ ਤਾਂ ਬੇਸ਼ੱਕ ਕਰੇ, ਪਰ ਇਸ ਲੰਮੇ ਸਮੇਂ ਤੋਂ ਲਟਕ ਰਹੇ ਮਾਮਲੇ ‘ਤੇ ਸਰਕਾਰ ਬਿਨਾਂ ਕਿਸੇ ਹੋਰ ਦੇਰੀ ਤੋਂ ਤੁਰੰਤ ਅੰਤਿਮ ਫ਼ੈਸਲਾ ਸੁਣਾਏ।







