ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪੰਜਾਬ ਭਰ ਵਿੱਚ 108 ਥਾਵਾਂ ‘ਤੇ ਲੱਖਾਂ ਲੋਕ ਬੜੇ ਉਤਸ਼ਾਹ ਨਾਲ ਛਠ ਮਹਾਂਪਰਵ ਮਨਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਪਰਵਾਸੀ ਭਰਾਵਾਂ ਨੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਵਡਮੁੱਲਾ ਯੋਗਦਾਨ ਪਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਸਾਡਾ ਰਿਸ਼ਤਾ ਸਿਰਫ਼ ਰੋਜ਼ਗਾਰ ਤੱਕ ਸੀਮਤ ਨਹੀਂ; ਇਹ ਭਰੋਸੇ ਅਤੇ ਭਾਈਚਾਰਕ ਸਾਂਝ ਦੀ ਭਾਵਨਾ ‘ਤੇ ਆਧਾਰਿਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ ਦੇ ਜਸ਼ਨਾਂ ਵਿੱਚ ਸ਼ਰਧਾਲੂਆਂ ਨਾਲ ਸ਼ਿਰਕਤ ਕੀਤੀ, ਸਾਰਿਆਂ ਨੂੰ ਨਿੱਘੀ ਵਧਾਈ ਦਿੱਤੀ ਅਤੇ ਸਭ ਦੀ ਖ਼ੁਸ਼ੀ, ਖ਼ੁਸ਼ਹਾਲੀ, ਚੰਗੀ ਸਿਹਤ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਤਿਉਹਾਰ ਦੀ ਆਸਥਾ, ਸ਼ੁਕਰਾਨੇ ਅਤੇ ਏਕਤਾ ਦੇ ਸੰਦੇਸ਼ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲੋਕ ਇੱਕ-ਦੂਜੇ ਦੇ ਤਿਉਹਾਰ ਆਪਸੀ ਉਤਸ਼ਾਹ ਨਾਲ ਮਨਾਉਂਦੇ ਹਨ ਤਾਂ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਅਮੀਰ ਵਿਰਾਸਤ ਹੋਰ ਮਜ਼ਬੂਤ ਹੁੰਦੀ ਹੈ।

ਸੋਸ਼ਲ ਮੀਡੀਆ ਪਲੇਟਫ਼ਾਰਮ ‘ਐਕਸ’ ਉੱਤੇ ਛਠ ਪੂਜਾ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਮੈਂ ਧੂਰੀ ਵਿਖੇ ਛਠ ਪੂਜਾ ਵਿੱਚ ਹਿੱਸਾ ਲਿਆ ਅਤੇ ਛਠੀ ਮਈਆ ਦਾ ਆਸ਼ੀਰਵਾਦ ਪ੍ਰਾਪਤ ਕੀਤਾ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਛਠ ਪੂਜਾ ਮਨਾ ਰਹੇ ਹਨ। ਉਨ੍ਹਾਂ ਕਿਹਾ, “ਮੈਂ ਛਠੀ ਮਈਆ ਅਤੇ ਸੂਰਜ ਦੇਵ ਅੱਗੇ ਸਾਰਿਆਂ ਦੀ ਸ਼ਾਂਤੀ, ਚੰਗੀ ਸਿਹਤ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਦਾ ਹਾਂ ਅਤੇ ਆਸ ਕਰਦਾ ਹਾਂ ਕਿ ਪਿਆਰ, ਆਪਸੀ ਸਤਿਕਾਰ ਅਤੇ ਭਾਈਚਾਰੇ ਦੀਆਂ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਰਹਿਣਗੀਆਂ।”

ਤਿਉਹਾਰ ਦੀ ਮਹੱਤਤਾ ਦਾ ਵਰਣਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਛਠ ਪੂਜਾ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਇੱਕ ਪਵਿੱਤਰ ਮੌਕਾ ਹੈ, ਜੋ ਆਸਥਾ, ਅਨੁਸ਼ਾਸਨ ਅਤੇ ਕੁਦਰਤ ਪ੍ਰਤੀ ਸ਼ੁਕਰਾਨੇ ਦਾ ਪ੍ਰਤੀਕ ਹੈ। ਸੂਰਜ ਨੂੰ ਜੀਵਨ, ਊਰਜਾ, ਰੌਸ਼ਨੀ ਅਤੇ ਚੰਗੀ ਸਿਹਤ ਦੇ ਸਰੋਤ ਵਜੋਂ ਪੂਜਿਆ ਜਾਂਦਾ ਹੈ, ਜੋ ਸਾਨੂੰ ਸਾਡੀ ਹੋਂਦ ਵਿੱਚ ਕੁਦਰਤ ਦੇ ਯੋਗਦਾਨ ਦੀ ਯਾਦ ਦਿਵਾਉਂਦਾ ਹੈ।”

ਉਨ੍ਹਾਂ ਅੱਗੇ ਕਿਹਾ, “ਡੁੱਬਦੇ ਅਤੇ ਚੜ੍ਹਦੇ ਸੂਰਜ ਦੋਵਾਂ ਨੂੰ ਅਰਘ ਦੇਣ ਦੀ ਪਰੰਪਰਾ ਛਠ ਪੂਜਾ ਦੇ ਸਭ ਤੋਂ ਵਿਲੱਖਣ ਪਹਿਲੂਆਂ ਵਿੱਚੋਂ ਇੱਕ ਹੈ। ਇਹ ਸਾਨੂੰ ਜੀਵਨ ਦੇ ਹਰ ਪੜਾਅ ਅਤੇ ਹਰ ਵਿਅਕਤੀ ਦਾ ਸਤਿਕਾਰ ਕਰਨਾ ਸਿਖਾਉਂਦੀ ਹੈ। ਇਹ ਤਿਉਹਾਰ ਸਾਨੂੰ ਸਫ਼ਾਈ, ਸੰਜਮ, ਅਨੁਸ਼ਾਸਨ ਅਤੇ ਕੁਦਰਤ ਨਾਲ ਡੂੰਘਾ ਨਾਤਾ ਜੋੜਨ ਲਈ ਵੀ ਪ੍ਰੇਰਿਤ ਕਰਦਾ ਹੈ।”

ਬਿਹਾਰ ਅਤੇ ਪੂਰਵਾਂਚਲ ਤੋਂ ਪੰਜਾਬ ਆ ਕੇ ਵਸੇ ਲੋਕਾਂ ਦੇ ਯੋਗਦਾਨ ਦੀ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਪਰਵਾਸੀ ਭੈਣ-ਭਰਾ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਅਨਮੋਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਮਰਪਣ ਖੇਤੀਬਾੜੀ, ਉਦਯੋਗ, ਵਪਾਰ ਅਤੇ ਕਈ ਹੋਰ ਖੇਤਰਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਸੂਬੇ ਦੇ ਵਿਕਾਸ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਬਿਹਾਰ ਅਤੇ ਪੂਰਵਾਂਚਲ ਦੇ ਸਾਡੇ ਭੈਣਾਂ-ਭਰਾਵਾਂ ਨਾਲ ਸਾਡਾ ਰਿਸ਼ਤਾ ਸਿਰਫ਼ ਰੋਜ਼ਗਾਰ ਤੱਕ ਸੀਮਤ ਨਹੀਂ ਹੈ। ਇਹ ਸੱਭਿਆਚਾਰਕ ਸਾਂਝ, ਆਪਸੀ ਭਰੋਸੇ, ਪਿਆਰ ਅਤੇ ਭਾਈਚਾਰੇ ਦੀਆਂ ਜੜ੍ਹਾਂ ਨਾਲ ਜੁੜੀ ਮਜ਼ਬੂਤ ਸਾਂਝ ਹੈ। ਪੰਜਾਬ ਵਿੱਚ ਰਹਿਣ ਵਾਲਾ ਹਰ ਵਿਅਕਤੀ ਸਾਡੇ ਵੱਡੇ ਪਰਿਵਾਰ ਦਾ ਹਿੱਸਾ ਹੈ ਅਤੇ ਸੂਬੇ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਸਮਾਜ ਦੇ ਹਰ ਵਰਗ ਦਾ ਸਤਿਕਾਰ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਇਸ ਦੀ ਏਕਤਾ, ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ‘ਸਰਬੱਤ ਦਾ ਭਲਾ’ ਦੀ ਭਾਵਨਾ ਵਿੱਚ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਹਰ ਭਾਈਚਾਰੇ, ਧਰਮ ਅਤੇ ਸਮਾਜ ਦੇ ਹਰ ਵਰਗ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਸਾਡਾ ਉਦੇਸ਼ ਇੱਕ ਅਜਿਹਾ ਮਾਹੌਲ ਸਿਰਜਣਾ ਹੈ, ਜਿੱਥੇ ਹਰ ਨਾਗਰਿਕ ਨੂੰ ਬਰਾਬਰ ਦੇ ਮੌਕੇ, ਸੁਰੱਖਿਆ ਅਤੇ ਮਾਣ-ਸਨਮਾਨ ਮਿਲੇ। ਸਾਰੇ ਧਰਮਾਂ ਅਤੇ ਸੱਭਿਆਚਾਰਾਂ ਦੇ ਤਿਉਹਾਰ ਮਿਲ ਕੇ ਮਨਾਉਣਾ ਸਾਡੀ ਅਮੀਰ ਵਿਰਾਸਤ ਦਾ ਅਨਿੱਖੜਵਾਂ ਅੰਗ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਛਠ ਪੂਜਾ ਲਈ ਸੂਬੇ ਭਰ ਵਿੱਚ 104 ਥਾਵਾਂ ਦੀ ਪਛਾਣ ਕੀਤੀ ਹੈ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਭਾਈਚਾਰਿਆਂ ਵਿਚਕਾਰ ਸਾਂਝ ਨੂੰ ਮਜ਼ਬੂਤ ਕਰਦਾ ਹੈ ਅਤੇ ਆਸਥਾ, ਸ਼ਰਧਾ, ਏਕਤਾ ਅਤੇ ਸਮੂਹਿਕ ਸ਼ਮੂਲੀਅਤ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਦਾ ਹੈ।

ਪੰਜਾਬ ਦੇ ਵਿਕਾਸ ਵਿੱਚ ਪਰਵਾਸੀ ਮਜ਼ਦੂਰਾਂ ਦੇ ਯੋਗਦਾਨ ਈ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਭੂਮਿਕਾ ਉਸਾਰੀ, ਵਪਾਰ ਅਤੇ ਹੋਰ ਆਰਥਿਕ ਗਤੀਵਿਧੀਆਂ ਸਮੇਤ ਕਈ ਖੇਤਰਾਂ ਵਿੱਚ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਇੱਕ ਸਾਂਝਾ ਉਪਰਾਲਾ ਹੈ ਅਤੇ ਸੂਬੇ ਦੀ ਖ਼ੁਸ਼ਹਾਲੀ ਲਈ ਕੰਮ ਕਰਨ ਵਾਲਾ ਹਰ ਵਿਅਕਤੀ ਸਤਿਕਾਰ ਅਤੇ ਪਛਾਣ ਦਾ ਹੱਕਦਾਰ ਹੈ।

ਪਰਵਾਸੀ ਮਜ਼ਦੂਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਨੂੰ ਤਰਜੀਹ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸਾਰੇ ਪਰਵਾਸੀ ਪਰਿਵਾਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਬੱਚੇ ਚੰਗੀ ਸਿੱਖਿਆ ਪ੍ਰਾਪਤ ਕਰਨ ਅਤੇ ਜੀਵਨ ਵਿੱਚ ਅੱਗੇ ਵਧਣ। ਪੰਜਾਬ ਸਰਕਾਰ ਚੰਗੇ ਸਕੂਲ ਸਥਾਪਤ ਕਰ ਰਹੀ ਹੈ ਤਾਂ ਜੋ ਹਰ ਪਿਛੋਕੜ ਦੇ ਬੱਚੇ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ, ਅਫ਼ਸਰ ਬਣਨ ਦੇ ਸੁਪਨੇ ਦੇਖ ਸਕਣ ਅਤੇ ਸਮਾਜ ਵਿੱਚ ਸਾਰਥਕ ਯੋਗਦਾਨ ਪਾ ਸਕਣ।”

ਸਾਰਿਆਂ ਨੂੰ ਛਠ ਪੂਜਾ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਰਧਾਲੂਆਂ ਨੂੰ ਭਾਈਚਾਰੇ, ਸਦਭਾਵਨਾ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ-ਕੀਮਤਾਂ ਕਾਇਮ ਰੱਖਦੇ ਹੋਏ ਖ਼ੁਸ਼ੀ, ਉਤਸ਼ਾਹ ਅਤੇ ਸ਼ਰਧਾ ਨਾਲ ਤਿਉਹਾਰ ਮਨਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

View in English