ਫੈਕਟ ਸਮਾਚਾਰ ਸੇਵਾ
ਪਟਿਆਲਾ, ਸਤੰਬਰ 7
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਦੀ ਖੇਡ ਪ੍ਰਤਿਭਾ ਨੂੰ ਉਭਾਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਪਟਿਆਲਾ ਤੋਂ ਸ਼ਾਨਦਾਰ ਸ਼ੁਰੂਆਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕੀਤੀ। ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਖੇਡਾਂ ਨੂੰ ਲੈ ਕੇ ਸਰਕਾਰ ਵੱਲੋਂ ਇੰਨੇ ਵੱਡੇ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਦੇਸ਼ ਅਤੇ ਦੁਨੀਆ ਨੂੰ ਵੱਡੀ ਗਿਣਤੀ ਵਿੱਚ ਨਾਮਵਰ ਖਿਡਾਰੀ ਦਿੱਤੇ ਹਨ। ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਪਹਿਲਾਂ ਹੀ ਬਹੁਤ ਉਤਸ਼ਾਹ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਢੁੱਕਵਾਂ ਮੰਚ, ਸਹੂਲਤਾਂ ਅਤੇ ਮੌਕੇ ਪ੍ਰਦਾਨ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਵੱਡੇ ਖੇਡ ਸਮਾਗਮ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਵਧੀਆ ਪਲੇਟਫਾਰਮ ਮੁਹੱਈਆ ਕਰਵਾ ਰਹੇ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਲਈ ਹੀ ਜ਼ਰੂਰੀ ਨਹੀਂ ਹਨ, ਸਗੋਂ ਇਹ ਨੌਜਵਾਨਾਂ ਦੀ ਸ਼ਖ਼ਸੀਅਤ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ, ਮਾੜੀਆਂ ਆਦਤਾਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹਨ। ਜਿਹੜਾ ਨੌਜਵਾਨ ਖੇਡ ਮੈਦਾਨ ਨਾਲ ਜੁੜਿਆ ਹੁੰਦਾ ਹੈ, ਉਹ ਅਨੁਸ਼ਾਸਨ, ਮਿਹਨਤ, ਸਬਰ ਅਤੇ ਟੀਮ ਭਾਵਨਾ ਵਰਗੇ ਗੁਣ ਸਿੱਖਦਾ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਸਿਹਤਮੰਦ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਖੇਡਾਂ ਉਨ੍ਹਾਂ ਨੂੰ ਆਪਣੇ ਟੀਚੇ ਪ੍ਰਤੀ ਕੇਂਦਰਿਤ ਰਹਿਣ ਅਤੇ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਨਵਾਂ ਜੋਸ਼ ਪੈਦਾ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚੋਂ ਹੋਰ ਵੀ ਬਿਹਤਰ ਖਿਡਾਰੀ ਉਭਰ ਕੇ ਸਾਹਮਣੇ ਆਉਣਗੇ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਦਾ ਖੇਡਾਂ ਨਾਲ ਪੁਰਾਣਾ ਨਾਤਾ ਹੈ। ਪਟਿਆਲਾ ਨੇ ਦੇਸ਼ ਨੂੰ ਕਈ ਨਾਮਵਰ ਖਿਡਾਰੀ ਦਿੱਤੇ ਹਨ ਅਤੇ ਇਹ ਸ਼ਹਿਰ ਹਮੇਸ਼ਾ ਹੀ ਖੇਡ ਗਤੀਵਿਧੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਹੋਣਾ ਸ਼ਹਿਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਵੀ ਖਿਡਾਰੀਆਂ ਦਾ ਹੌਸਲਾ ਵਧਾਇਆ ਅਤੇ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜੀ ਨੌਜਵਾਨ ਪੀੜ੍ਹੀ ਹੀ ਤੰਦਰੁਸਤ ਅਤੇ ਮਜ਼ਬੂਤ ਸਮਾਜ ਦੀ ਨੀਂਹ ਬਣ ਸਕਦੀ ਹੈ।
ਇਸ ਮੌਕੇ ਜਿਲ੍ਹਾ ਖੇਡ ਅਫਸਰ ਨਵਜੋਤ ਧਾਲੀਵਾਲ, ਐਮ.ਸੀ. ਹਰਮਨ ਸੰਧੂ, ਜਸਬੀਰ ਸਿੰਘ ਬਿੱਟੂ, ਜੋਹਨੀ ਕੋਹਲੀ, ਸਾਗਰ ਧਾਲੀਵਾਲ, ਦੇਵਿੰਦਰ ਪਾਲ ਸਿੰਘ ਮਿੱਕੀ ਤੋਂ ਇਲਾਵਾ ਹੋਰ ਪਤਵੰਤੇ, ਸਮਾਜ ਸੇਵੀ, ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਵੀ ਮੌਜੂਦ ਸਨ।






