ਸ੍ਰੀ ਆਨੰਦਪੁਰ ਸਾਹਿਬ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ : ਧਾਮੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਸਤੰਬਰ 30

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਦੀ ਇਕੱਤਰਤਾ ‘ਚ ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਈ ਅਹਿਮ ਮੁੱਦਿਆਂ ‘ਤੇ ਆਪਣਾ ਪੱਖ ਰੱਖਿਆ। ਸ੍ਰੀ ਆਨੰਦਪੁਰ ਸਾਹਿਬ ‘ਚ ਹੋਏ ਮਾਮਲੇ ਨੂੰ ਲੈ ਕੇ ਧਾਮੀ ਨੇ ਪੰਜਾਬ ਸਰਕਾਰ ਤੋਂ ਇਸ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਐੱਸਜੀਸੀਪੀ ਵੱਲੋਂ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ। ਤਿੰਨ ਦਿਨਾਂ ਦੇ ਅੰਦਰ ਐੱਸਜੀਪੀਸੀ ਦਾ ਵਫ਼ਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਸੀਬੀਆਈ ਜਾਂਚ ਦੀ ਮੰਗ ਕਰੇਗਾ।

ਧਾਮੀ ਨੇ ਕਿਹਾ ਕਿ ਜਦੋਂ ਤੱਕ ਅਦਾਲਤ ਵੱਲੋਂ ਕੋਈ ਫ਼ੈਸਲਾ ਨਹੀਂ ਆਉਂਦਾ, ਉਦੋਂ ਤੱਕ ਐੱਸਜੀਪੀਸੀ ਤੇ ਉਨ੍ਹਾਂ ਖ਼ਿਲਾਫ਼ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਧਰਨੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਇੰਟਰਨੈੱਟ ਮੀਡੀਆ ਟ੍ਰਾਇਲ ਦਾ ਵਿਸ਼ਾ ਨਹੀਂ, ਸਗੋਂ ਪੁਲਿਸ ਜਾਂਚ ਦਾ ਵਿਸ਼ਾ ਹੈ। ਧਾਮੀ ਨੇ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਜਦੋਂ ਚਾਹੁਣ ਉਨ੍ਹਾਂ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖ ਸਕਦੇ ਹਨ। ਉਨ੍ਹਾਂ ਨੇ ਸਵਾਲ ਉਠਾਇਆ ਕਿ ਕੀ ਇਨ੍ਹਾਂ ਪ੍ਰਦਰਸ਼ਨਾਂ ਪਿੱਛੇ ਕੋਈ ਸਿਆਸੀ ਮਨਸ਼ਾ ਹੈ।

ਐੱਸਜੀਪੀਸੀ ਪ੍ਰਧਾਨ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਮੀਰੀ-ਪੀਰੀ ਖਾਲਸਾ ਮਾਰਚ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕਰੀਬ 1,000 ਪਿੰਡਾਂ ਨੂੰ ਕਵਰ ਕੀਤਾ ਗਿਆ। ਪਿੰਡ-ਪਿੰਡ ਅਤੇ ਨਗਰ-ਨਗਰ ਤੋਂ ਇੱਕੋ ਆਵਾਜ਼ ਸੁਣਾਈ ਦਿੱਤੀ ਕਿ ਪੰਜਾਬ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ।

Leave a Reply

Your email address will not be published. Required fields are marked *

View in English