ਫੈਕਟ ਸਮਾਚਾਰ ਸੇਵਾ
ਅੰਮ੍ਰਿਤਸਰ , ਸਤੰਬਰ 12
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਬਣ ਰਹੀ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਫੂਲਾ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥੇ ਸੰਗਤ ਨੂੰ ਗੁਰੂ ਜਸ ਨਾਲ ਜੋੜ ਰਹੇ ਹਨ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੇਤ ਦੇਸ਼ ਵਿਦੇਸ਼ ਵਿਚ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸਦੀਆਂ ਪੁਰਾਣੀ ਰਵਾਇਤ ਅਨੁਸਾਰ ਅੱਜ ਸਵੇਰੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸੰਬੰਧੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਗੁਰਮਤਿ ਦੀਵਾਨ ਸਜਾਏ ਜਾ ਰਹੇ ਹਨ, ਜਿਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਵੀ ਪਹੁੰਚੇ ਹੋਏ ਹਨ। ਉਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਸਾਹਿਬਾਨ, ਐਸ.ਜੀ.ਪੀ.ਸੀ. ਕਰਮਚਾਰੀ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਹਨ।







