ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਮਾਰਚ 14
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਸ਼ਿਕਾਇਤਾਂ ’ਤੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਵੱਲੋਂ ਜਾਰੀ ਸੰਮਨ ਨੂੰ ਸੈਸ਼ਨ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਅਦਾਲਤ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ‘ਤੇ ਕੇਜਰੀਵਾਲ ਖਿਲਾਫ ਅਦਾਲਤ ‘ਚ ਦੋ ਸ਼ਿਕਾਇਤਾਂ ਦਾਇਰ ਕੀਤੀਆਂ ਸਨ। ਈਡੀ ਨੇ ਪੁੱਛਗਿੱਛ ਲਈ ਕੇਜਰੀਵਾਲ ਖਿਲਾਫ ਅੱਠ ਸੰਮਨ ਜਾਰੀ ਕੀਤੇ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੁਣ ਤੱਕ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਜਾਰੀ ਅੱਠ ਸੰਮਨਾਂ ਨੂੰ ਨਜ਼ਰਅੰਦਾਜ਼ ਕਰ ਚੁੱਕੇ ਹਨ। ਈਡੀ ਨੇ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਦੀ ਪਾਲਣਾ ਨਾ ਕਰਨ ਲਈ ਦੂਜੀ ਸ਼ਿਕਾਇਤ ਦੇ ਨਾਲ 7 ਮਾਰਚ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਦਾਖਲ ਕੀਤਾ ਸੀ।







