ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਦਾ ਵੱਡਾ ਦਿਨ ਰਹਿਣ ਵਾਲਾ ਹੈ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਨੇ ਆਪਣੀ ਗ੍ਰਿਫਤਾਰੀ ਖਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਜਿਸ ‘ਤੇ ਅੱਜ ਹਾਈ ਕੋਰਟ ਕੋਈ ਫੈਸਲਾ ਸੁਣਾ ਸਕਦੀ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ।
ਅੰਮ੍ਰਿਤਪਾਲ ਸਿੰਘ ਉਸ ਦੇ ਸਾਥੀ ਭਗਵੰਤ ਸਿੰਘ ਉਰਫ ਪ੍ਰਧਾਨ ਬਾਜੇਕੇ, ਬਸੰਤ ਸਿੰਘ, ਕੁਲਵੰਤ ਸਿੰਘ ਅਤੇ ਗੁਰਮੀਤ ਸਿੰਘ ਬੁੱਕਣਵਾਲਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਗ੍ਰਿਫ਼ਤਾਰੀ ਨੂੰ ਗੈਰ ਕਾਨੂੰਨੀ ਦੱਸਿਆ ਸੀ। ਇਸ ਪਟੀਸ਼ਨ ‘ਚ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਗ੍ਰਿਫਤਾਰੀ ਅਤੇ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ‘ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ , ਅਤੇ ਅੱਜ ਕੇਂਦਰ ਜਾਂ ਪੰਜਾਬ ਸਰਕਾਰ ਆਪਣਾ ਜਵਾਬ ਦਾਖਲ ਕਰ ਸਕਦੀ ਹੈ।







