ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜਨਵਰੀ 22
ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਜਾਰੀ ਹੈ। ਐਤਵਾਰ ਸਵੇਰੇ ਸੰਘਣੀ ਧੁੰਦ ਅਤੇ ਦਿਨ ਭਰ ਬਰਫੀਲੀਆਂ ਹਵਾਵਾਂ ਕਾਰਨ ਠੰਢ ਵਧ ਗਈ ਹੈ। ਜ਼ਿਆਦਾਤਰ ਇਲਾਕਿਆਂ ‘ਚ ਕੁਝ ਥਾਵਾਂ ‘ਤੇ ਹਲਕੀ ਧੁੰਦ ਅਤੇ ਬਾਕੀ ਥਾਵਾਂ ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਦੁਪਹਿਰ ਸਮੇਂ ਕੁਝ ਥਾਵਾਂ ’ਤੇ ਧੁੱਪ ਵੀ ਨਿਕਲੀ ਪਰ ਠੰਢ ਘੱਟ ਨਹੀਂ ਹੋਈ। ਧੁੰਦ ਕਾਰਨ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਧੁੰਦ ਲਈ ਰੈੱਡ ਅਲਰਟ ਅਤੇ ਉਸ ਤੋਂ ਬਾਅਦ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਦਿੱਲੀ ‘ਚ ਧੂੰਏਂ ਦੇ ਵਿਚਕਾਰ ਘੱਟ ਵਿਜ਼ੀਬਿਲਟੀ ਕਾਰਨ ਕਈ ਉਡਾਣਾਂ ਦੇਰੀ ਨਾਲ ਚੱਲਣ ਦੀ ਖਬਰ ਹੈ।
ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਭਾਰਤ ਦੇ ਜ਼ਿਆਦਾਤਰ ਖੇਤਰਾਂ ਵਿੱਚ ਅਗਲੇ 4-5 ਦਿਨਾਂ ਤੱਕ ਸੰਘਣੀ ਧੁੰਦ ਅਤੇ ਠੰਡੇ ਦਿਨ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 3-4 ਦਿਨਾਂ ਤੱਕ ਸੀਤ ਲਹਿਰ ਰਹਿਣ ਦੀ ਸੰਭਾਵਨਾ ਹੈ। ਐਤਵਾਰ ਸਵੇਰੇ 6:30 ਵਜੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਤੋਂ ਲੈ ਕੇ ਪੰਜਾਬ, ਬਿਹਾਰ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰ-ਪੱਛਮੀ ਰਾਜਸਥਾਨ ਅਤੇ ਉੱਤਰੀ ਮੱਧ ਪ੍ਰਦੇਸ਼ ਤੱਕ ਧੁੰਦ ਦੀ ਇੱਕ ਸਾਫ ਪਰਤ ਦਿਖਾਈ ਦਿੱਤੀ। ਇਸ ਦੇ ਨਾਲ ਹੀ ਦਿੱਲੀ, ਉੱਤਰੀ ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਅਤੇ ਬਹੁਤ ਸੰਘਣੀ ਧੁੰਦ ਦੇਖਣ ਨੂੰ ਮਿਲੀ।







