ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੰਮ ਕਰ ਰਹੀ ਹੈ ਪੰਜਾਬ ਸਰਕਾਰ : ਪ੍ਰਿੰਸੀਪਲ ਬੁੱਧਰਾਮ

ਫੈਕਟ ਸਮਾਚਾਰ ਸੇਵਾ

ਮਾਨਸਾ, ਜੁਲਾਈ 16

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗੰਭੀਰਤਾ ਨਾਲ ਕੰਮ ਕਰਦੇ ਹੋਏ ਸਮੂਹ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਹੋਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜ਼ਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧਰਾਮ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਦੋਦੜਾ ਵਿਖੇ ਲਗਾਏ ਗਏ ਜਨ ਸੁਣਵਾਈ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾਂ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਹੈ ਅਤੇ ਇਸੇ ਕੜੀ ਨੂੰ ਅੱਗੇ ਤੋਰਦਿਆਂ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਸ ਮੌਕੇ ਵਿਧਾਇਕ ਬੁੱਧਰਾਮ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਵੀ ਮੌਜੂਦ ਸਨ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਉਥੇ ਹੀ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਗਈਆਂ ਹਨ, ਜਿਸ ਤੋਂ ਸਪਸ਼ਟ ਹੈ ਕਿ ਭਗਵੰਤ ਸਿੰਘ ਮਾਨ ਇੱਕ ਸੱਚੇ ਪੰਜਾਬ ਹਿਤੈਸ਼ੀ ਮੁੱਖ ਮੰਤਰੀ ਹਨ। ਉਨ੍ਹਾਂ ਹੋਰ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਅੰਨਦਾਤਾ ਕਿਸਾਨਾਂ ਨੂੰ ਫਸਲ ਲਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਜਨ ਸੁਵਿਧਾ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨਿਰਮਲ ਓਸੇਪਚਨ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਹੁਣ ਹਰੇਕ ਹਫਤੇ ਵਿੱਚ ਦੋ ਵਾਰ ਵੱਖ-ਵੱਖ ਪਿੰਡਾਂ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਡੀ.ਸੀ. ਦਫ਼ਤਰ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ’ਤੇ ਸੀ.ਐਮ. ਵਿੰਡੋ ਸਥਾਪਤ ਕਰਨ ਨਾਲ ਹੁਣ ਆਮ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੰਡੀਗੜ੍ਹ ਜਾਣ ਦੀ ਜਰੂਰਤ ਨਹੀਂ ਪਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸ਼ਨ ਵੱਲੋਂ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਨਾਇਬ ਤਹਿਸੀਲਦਾਰ ਗੁਰਬੰਸ ਸਿੰਘ, ਡੀ.ਐਸ.ਪੀ. ਮਨਜੀਤ ਸਿੰਘ ਔਲਖ, ਐਸ.ਐਚ.ਓ. ਥਾਣਾ ਸਦਰ ਬੁਢਲਾਡਾ ਮੇਲਾ ਸਿੰਘ, ਗੁਰਦਰਸ਼ਨ ਸਿੰਘ ਪਟਵਾਰੀ, ਐਡਵੋਕੇਟ ਸੁਖਪਾਲ ਸਿੰਘ ਪ੍ਰਧਾਨ, ਰਮਨ ਗੁੜੱਦੀ, ਬੀ.ਡੀ.ਪੀ.ਓ. ਗੁਰਜਿੰਦਰ ਸਿੰਘ, ਪੰਚਾਇਤ ਅਫ਼ਸਰ ਸਰਬਜੀਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਹੋਰ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *

View in English