ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 7
ਦਿਨ ਦੀ ਧੁੱਪ ਅਤੇ ਵਧਿਆ ਹੋਇਆ ਤਾਪਮਾਨ ਸਰਦੀਆਂ ਦੇ ਜਾਣ ਦਾ ਸੰਕੇਤ ਦੇ ਰਿਹਾ ਹੈ ਪਰ ਇਸ ਦੌਰਾਨ ਮੌਸਮ ਵਿਭਾਗ ਨੇ ਕਿਹਾ ਹੈ ਕਿ ਅਜੇ ਸਰਦੀ ਨਹੀਂ ਗਈ ਅਤੇ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ ਆ ਸਕਦੀ ਹੈ। ਉੱਤਰੀ ਭਾਰਤ ‘ਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਜੰਮੂ ਕਸ਼ਮੀਰ, ਲੱਦਾਖ ‘ਚ ਬਰਫਬਾਰੀ ਹੋ ਸਕਦੀ ਹੈ। ਇਸ ਨਾਲ ਹੀ ਹਿਮਾਚਲ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਪੰਜਾਬ, ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਤੱਕ ਮੱਧ ਭਾਰਤ ਵਿੱਚ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਸਵੇਰ/ਸ਼ਾਮ ਨੂੰ ਧੁੰਦ ਪੈਣ ਦੀ ਸੰਭਾਵਨਾ ਹੈ। ਉੱਤਰ-ਪੂਰਬੀ ਰਾਜਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਰਾਜਧਾਨੀ ਦਿੱਲੀ ਵਿੱਚ ਅੱਜ ਘੱਟੋ-ਘੱਟ ਤਾਪਮਾਨ 12.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਵੱਧ ਹੈ। ਦੂਜੇ ਪਾਸੇ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪਿਛਲੇ ਦੋ ਸਾਲਾਂ ਵਿੱਚ ਫਰਵਰੀ ਵਿੱਚ ਸਭ ਤੋਂ ਵੱਧ ਸੀ।







