ਫੈਕਟ ਸਮਾਚਾਰ ਸੇਵਾ
ਕੋਟਕਪੂਰਾ , ਨਵੰਬਰ 10
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅੱਜ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕੁੱਲ 5 ਹਮਲਾਵਰ 2 ਮੋਟਰਸਾਈਕਲਾਂ ‘ਤੇ ਆਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਮਾਰਿਆ ਗਿਆ। ਜਦਕਿ ਸਾਬਕਾ ਕੌਂਸਲਰ ਅਮਰ ਸਿੰਘ ਅਤੇ ਗੰਨਮੈਨ ਹਾਕਮ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਸਾਬਕਾ ਕੌਂਸਲਰ ਅਮਰ ਸਿੰਘ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਦੋਂਕਿ ਮ੍ਰਿਤਕ ਪ੍ਰਦੀਪ ਸਿੰਘ ਦਾ ਦੂਜਾ ਗੰਨਮੈਨ ਜਗਦੀਸ਼ ਸਿੰਘ ਉਥੇ ਮੌਜੂਦ ਨਹੀਂ ਸੀ ਕਿਉਂਕਿ ਉਹ ਬਾਥਰੂਮ ਗਿਆ ਹੋਇਆ ਸੀ। ਇਸ ਕਾਰਨ ਉਹ ਵਾਲ-ਵਾਲ ਬਚ ਗਿਆ।ਘਟਨਾ ਤੋਂ ਬਾਅਦ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਰਥੱਲੀ ਮਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪ੍ਰਦੀਪ ਸਿੰਘ ਸਵੇਰੇ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਬਾਈਕ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਪੁਲਿਸ ਨੇ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਹਿੰਦੂ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਹੈ।







