ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਗੁਰਦਾਸਪੁਰ ਪਹੁੰਚਣ ‘ਤੇ ਭਰਵਾਂ ਸਵਾਗਤ

ਫੈਕਟ ਸਮਾਚਾਰ ਸੇਵਾ

ਬਟਾਲਾ, ਸਤੰਬਰ17

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਨਗਰ ਕੀਰਤਨ ਦਾ ਅੱਜ ਗੁਰਦਾਸਪੁਰ ਜ਼ਿਲੇ ਦੀ ਧਰਤੀ (ਨੇੜੇ ਅੱਡਾ ਆਦੋਵਾਲ) ਤੇ ਪਹੁੰਚਣ ਤੇ ਭਰਵਾਂ, ਸ਼ਾਨਦਾਰ ਤੇ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ, ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਲਿਆ। ਇਸ ਮੌਕੇ ਐੱਸ ਡੀ ਐਮ ਸਾਰੰਗਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰ ਗੁਰਵਿੰਦਰਪਾਲ ਸਿੰਘ ਗੋਰਾ, ਗੁਰਤਿੰਦਰਪਾਲ ਸਿੰਘ ਮਾਂਟੂ , ਸੀਨੀਅਰ ਆਗੂ ਡਾ. ਕੇਜੇ ਸਿੰਘ ਮੌਜੂਦ ਸਨ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵੱਡਭਾਗੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ।

ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਅਤੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਨੇ ਸੰਗਤਾਂ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਲਿਆ।

ਇਸ ਮੌਕੇ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਤੇ ਸੰਗਤਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ ਤੇ ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਸਹਿਯੋਗ ਕਰਨ।

Leave a Reply

Your email address will not be published. Required fields are marked *

View in English