ਫੈਕਟ ਸਮਾਚਾਰ ਸੇਵਾ
ਫਰੀਦਕੋਟ , ਦਸੰਬਰ 9
ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਫਰੀਦਕੋਟ ਦੇ ਸਿਲਵਰ ਜੁਬਲੀ ਸਮਾਗਮ ਚ ਸ਼ਿਰਕਿਤ ਕਰਕੇ ਸਿਹਤ ਵਿਭਾਗ ਦੀਆਂ ਵੱਖ ਵੱਖ ਸ਼ਾਖਾਵਾਂ ਪੀ.ਐੱਚ.ਡੀ., ਡੀ.ਐੱਮ., ਐਮ. ਸੀ. ਐੱਚ. ਐੱਮ.ਡੀ./ਐੱਮ.ਐੱਸ ਐੱਮ.ਡੀ.ਐੱਸ ਵਿੱਚ ਡਿਗਰੀ ਹਾਸਲ ਕਰਨ ਵਾਲੇ ਡਾਕਟਰਾਂ ਨੂੰ ਡਿਗਰੀਆਂ ਵੰਡੀਆਂ ਅਤੇ ਵਧਾਈ ਦਿੱਤੀ।
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਦੋਂ ਬੰਦਾ ਜ਼ਿੰਦਗੀ ਅਤੇ ਮੌਤ ਵਿਚਕਾਰ ਲੜ ਰਿਹਾ ਹੁੰਦਾ ਹੈ ਅਤੇ ਬੰਦੇ ਦਾ ਹੌਸਲਾ ਟੁੱਟ ਜਾਂਦਾ ਹੈ ਤਾਂ ਡਾਕਟਰ ਰੱਬ ਬਣ ਕੇ ਸਾਡੇ ਲਈ ਅਤੇ ਸਮਾਜ ਲਈ ਯੋਗਦਾਨ ਪਾਉਂਦੇ ਹਨ। ਉਹਨਾਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਲੋਕਾਂ ਅਤੇ ਦੀਨ ਦੁਖੀਆਂ ਦੀ ਸੇਵਾ ਇਮਾਨਦਾਰੀ ਨਾਲ ਕਰਨ।
ਫਰੀਦਕੋਟ ਦੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਸਭ ਤੋਂ ਵੱਧ ਧਿਆਨ ਵਿਦਿਆ ਅਤੇ ਮੈਡੀਕਲ ਦੇ ਖੇਤਰ ਵਿੱਚ ਦੇ ਰਹੀ ਹੈ। ਉਨਾਂ ਦੱਸਿਆ ਕਿ ਇਸ ਮੰਤਵ ਦੀ ਪੂਰਤੀ ਲਈ ਨਵੇਂ ਮੈਡੀਕਲ ਕਾਲਜ ਖੋਲੇ ਜਾ ਰਹੇ ਹਨ। ਮੈਡੀਕਲ ਕਾਲਜ ਫਰੀਦਕੋਟ ਨੂੰ ਆਮ ਆਦਮੀ ਦੀ ਸਰਕਾਰ ਬਣਨ ਤੋਂ ਬਾਅਦ ਸੁਪਰ ਸਪੈਸ਼ਲਿਸਟ ਹਸਪਤਾਲ ਦਾ ਦਰਜਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਸਭ ਨੂੰ ਰਲ ਕੇ ਹੰਭਲਾ ਮਾਰ ਕੇ ਇਲਾਕੇ ਨੂੰ ਅੱਗੇ ਲੈ ਕੇ ਜਾਣਾ ਚਾਹੀਦਾ ਹੈ।
ਡਾ. ਰਜੀਵ ਸੂਦ ਵਾਈਸ ਚਾਂਸਲਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਗ੍ਰੈਜੂਏਟ ਡਿਗਰੀਆਂ ਪ੍ਰਾਪਤ ਕਰਨ ਵਾਲਿਆਂ ਲਈ ਇਹ ਬੜੀ ਮਾਣ ਵਾਲੀ ਘੜੀ ਹੈ ਅਤੇ ਇਹ ਸਭ ਆਉਣ ਵਾਲੇ ਸਮੇਂ ਵਿੱਚ ਸਿਹਤ ਸੰਭਲ ਦੇ ਖੇਤਰ ਵਿੱਚ ਵੱਡਾ ਯੋਗਦਾਨ ਪਾਉਣਗੇ। ਉਹਨਾਂ ਕਿਹਾ ਕਿ ਪੂਰੀ ਫਕੈਲਟੀ ਨੂੰ ਇਹਨਾਂ ਯੁਵਾ ਡਾਕਟਰਾਂ ਤੇ ਮਾਪਿਆਂ ਵਾਂਗ ਮਾਣ ਹੈ। ਰਜਿਸਟਰਾਰ ਡਾ. ਦੀਪਕ ਭੱਟੀ ਨੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ, ਐਮ.ਐਲ.ਏ ਬਾਘਾਪੁਰਾਣਾ ਅੰਮ੍ਰਿਤ ਪਾਲ ਸਿੰਘ ਸੁੱਖਾਨੰਦ, ਮਨਪ੍ਰੀਤ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।







