ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ, ਜਨਵਰੀ 31
ਚੰਡੀਗੜ੍ਹ ਮੇਅਰ ਚੋਣਾਂ ‘ਚ ਬੈਲਟ ਪੇਪਰਾਂ ਨਾਲ ਛੇੜਛਾੜ ਕਰਕੇ ਭਾਜਪਾ ਉਮੀਦਵਾਰ ਦੇ ਜਿੱਤਣ ਦੇ ਦੋਸ਼ਾਂ ‘ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਪ੍ਰਸ਼ਾਸਨ ਕੋਲੋਂ ਤਿੰਨ ਹਫ਼ਤਿਆਂ ਦੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਹਾਈਕੋਰਟ ਵਲੋਂ ਦਿੱਤੇ ਗਏ ਹਨ।
ਆਪ ਤੇ ਕਾਂਗਰਸ ਦੇ ਕੌਂਸਲਰ ਵਲੋਂ ਪਾਈ ਗਈ ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਦੁਬਾਰਾ ਚੋਣ ਕਰਵਾਈ ਜਾਵੇ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ‘ਆਪ’-ਕਾਂਗਰਸ ਗਠਜੋੜ ਕੋਲ ਬਹੁਮਤ ਹੋਣ ਦੇ ਬਾਵਜੂਦ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ‘ਤੇ ਵੋਟਾਂ ਦੀ ਗਿਣਤੀ ਦੌਰਾਨ ਬੈਲਟ ਪੇਪਰਾਂ ਨਾਲ ਛੇੜਛਾੜ ਕਰਨ ਦਾ ਦੋਸ਼ ਹੈ। ਪਟੀਸ਼ਨ ‘ਚ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਰੱਦ ਕਰਨ, ਚੋਣ ਨਾਲ ਸਬੰਧਤ ਸਾਰਾ ਰਿਕਾਰਡ ਸੀਲ ਕਰਨ, ਮੇਅਰ ਦੇ ਅਹੁਦਾ ਸੰਭਾਲਣ ‘ਤੇ ਪਾਬੰਦੀ ਲਗਾਉਣ, ਸਮੁੱਚੀ ਚੋਣ ਪ੍ਰਕਿਰਿਆ ‘ਚ ਹੋਈ ਧਾਂਦਲੀ ਦੀ ਜਾਂਚ ਕਰਵਾਉਣ ਅਤੇ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਚੋਣਾਂ ਕਰਵਾਉਣ ਦੀਆਂ ਮੰਗਾਂ ਹਨ।







