ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 2
ਦਿੱਲੀ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੀ ਕੋਸ਼ਿਸ਼ ਕਰ ਰਹੇ 700 ਤੋਂ ਵੱਧ ਲੋਕਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ। ਇਨ੍ਹਾਂ ‘ਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਵੱਖ-ਵੱਖ ਵਿਦਿਆਰਥੀ ਸੰਗਠਨਾਂ ਦੇ ਮੈਂਬਰ ਵੀ ਸ਼ਾਮਲ ਹਨ।
ਪ੍ਰਦਰਸ਼ਨਕਾਰੀਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਸੀ। ਇਹ ਵਿਰੋਧ ਪ੍ਰਦਰਸ਼ਨ ਵੋਟਰ ਸੂਚੀਆਂ ਦੀ SIR ਪ੍ਰਕਿਰਿਆ ‘ਚ ਕਥਿਤ ਬੇਨਿਯਮੀਆਂ ਤੇ ਵੋਟਰਾਂ ਦੇ ਨਾਮ ਹਟਾਏ ਜਾਣ ਦੇ ਦੋਸ਼ਾਂ ਨੂੰ ਲੈ ਕੇ ਕੀਤਾ ਜਾ ਰਿਹਾ ਸੀ। ਪੁਲਿਸ ਨੇ ਪ੍ਰਦਰਸ਼ਨ ਲਈ ਇਜਾਜ਼ਤ ਨਾ ਮਿਲਣ ਦਾ ਹਵਾਲਾ ਦਿੰਦਿਆਂ ਕਾਰਵਾਈ ਕੀਤੀ। ਦਿੱਲੀ ‘ਚ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਜੰਤਰ-ਮੰਤਰ ਦੇ ਆਲੇ-ਦੁਆਲੇ ਇੰਟਰਨੈੱਟ ਸੇਵਾਵਾਂ ਵੀ ਮੁਅੱਤਲ ਕੀਤੀਆਂ ਗਈਆਂ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨ ਵਾਲੇ ਇਲਾਕੇ ਦੇ ਲਗਪਗ 1.5 ਕਿਲੋਮੀਟਰ ਦੇ ਘੇਰੇ ‘ਚ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਇੰਟਰਨੈੱਟ ਸੇਵਾ ਰੋਕਣ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਨਾਲ ਹੀ ਜੰਤਰ-ਮੰਤਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਕਈ ਮੈਟਰੋ ਸਟੇਸ਼ਨਾਂ ਦੇ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕੀਤੇ ਗਏ। ਵੱਖ-ਵੱਖ ਰਿਪੋਰਟਾਂ ‘ਚ ਇਹ ਗਿਣਤੀ 11 ਤੋਂ 12 ਸਟੇਸ਼ਨਾਂ ਤੱਕ ਦੱਸੀ ਗਈ ਹੈ।
ਜਦੋਂ ਜੰਤਰ-ਮੰਤਰ ‘ਤੇ ਤਾਇਨਾਤ ਕਿਸੇ ਪੁਲਿਸ ਮੁਲਾਜ਼ਮ ਦੇ ਜ਼ਖ਼ਮੀ ਹੋਣ ਬਾਰੇ ਪੁਲਿਸ ਤੋਂ ਪੁੱਛਿਆ ਗਿਆ ਤਾਂ ਨਵੀਂ ਦਿੱਲੀ ਦੇ ਡੀਸੀਪੀ ਸਚਿਨ ਸ਼ਰਮਾ ਨੇ ਕਿਹਾ ਕਿ ਕੁਝ ਲੋਕਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਇਸ ਬਾਰੇ ਮੁਲਾਂਕਣ ਕੀਤਾ ਜਾ ਰਿਹਾ ਹੈ।
ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਤੋਂ ਰੋਕ ਰਹੀ ਪੁਲਿਸ ਦੇ ਰਵੱਈਏ ਬਾਰੇ CJP ਕਾਰਕੁਨ ਵਿਜੇਤਾ ਦਹੀਆ ਨੇ ਕਿਹਾ ਕਿ “ਸਾਨੂੰ ਕਿਹਾ ਜਾ ਰਿਹਾ ਹੈ ਕਿ ਇੱਥੇ ਨਾ ਜਾਓ, ਉੱਥੇ ਨਾ ਜਾਓ… ਕੋਈ ਵੀ ਵਿਰੋਧ ਪ੍ਰਦਰਸ਼ਨ ਨਹੀਂ ਕਰਨਾ ਚਾਹੁੰਦਾ, ਪਰ ਜਦੋਂ ਤੁਸੀਂ ਗਲਤੀਆਂ ਕਰਦੇ ਹੋ ਤਾਂ ਸਾਨੂੰ ਉਨ੍ਹਾਂ ਦੇ ਖ਼ਿਲਾਫ਼ ਵਿਰੋਧ ਕਰਨਾ ਹੀ ਪੈਂਦਾ ਹੈ… ਦੇਸ਼ ‘ਚ ਕਿਤੇ ਵੀ ਵਿਰੋਧ ਪ੍ਰਦਰਸ਼ਨ ਕਰਨਾ ਵੋਟ ਦੇ ਅਧਿਕਾਰ ਦਾ ਮਾਮਲਾ ਹੈ।’







