ਫੈਕਟ ਸਮਾਚਾਰ ਸੇਵਾ
ਤਰਨ ਤਾਰਨ, ਅਗਸਤ 8
ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਆਈ. ਏ. ਐੱਸ. ਵੱਲੋਂ ਅੱਜ ਦਰਿਆ ਬਿਆਸ ਤੇ ਸਤਲੁਜ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਦਾ ਜਾਇਜ਼ਾ ਲੈਣ ਲਈ ਦਰਿਆ ਸਤਲੁਜ ਦਾ ਦੌਰਾ ਕੀਤਾ।ਇਸ ਮੌਕੇ ਉਨ੍ਹਾਂ ਨੇ ਹਰੀਕੇ ਹੈੱਡ ਵਰਕਸ ਵਿੱਚ ਪਾਣੀ ਦੀ ਆਮਦ ਅਤੇ ਡਾਊਨ ਸਟਰੀਮ ਤੇ ਨਹਿਰਾਂ ਨੂੰ ਛੱਡੇ ਜਾ ਰਹੇ ਪਾਣੀ ਬਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਜਾਣਕਾਰੀ ਲਈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜਾਂ ਦੀ ਸਥਿਤੀ ਬਹੁਤ ਨਜ਼ਦੀਕ ਤੋਂ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰੋਨ ਮੁਹੱਈਆ ਕਰਵਾਇਆ ਗਿਆ ਹੈ, ਜੋ ਹਰ ਸਮੇਂ ਸਥਿਤੀ ‘ਤੇ ਬਹੁਤ ਨਜ਼ਦੀਕ ਤੋਂ ਨਜ਼ਰ ਰੱਖੇਗਾ।ਡਿਪਟੀ ਕਮਿਸ਼ਨਰ ਰਾਹੁਲ ਨੇ ਖੁਦ ਡਰੋਨ ਰਾਹੀਂ ਸਤਲੁਜ ਦਰਿਆ ਦੇ ਪਾਣੀ ਦਾ ਦੂਰ-ਦੂਰ ਤੱਕ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਰੀਕੇ ਹਥਾੜ ਖੇਤਰ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।ਉਹਨਾਂ ਕਿਹਾ ਕਿ ਇਸ ਸਮੇਂ ਜਿੰਨਾਂ ਪਾਣੀ ਚੱਲ ਰਿਹਾ ਹੈ, ਉਸ ਨਾਲ ਘਬਰਾਉਣ ਦੀ ਕੋਈ ਲੋੜ ਨਹੀਂ।ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧ ਪੂਰੀ ਤਰ੍ਹਾਂ ਮਕੁੰਮਲ ਹਨ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੜਾਂ ਦੀ ਸਥਿਤੀ ਨੂੰ ਲੈਕੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਸਮੇਂ-ਸਮੇਂ ਤੇ ਜਾਣਕਾਰੀ ਲਈ ਜਾ ਰਹੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਐੱਸ. ਡੀ. ਐੱਮ. ਪੱਟੀ ਪ੍ਰੀਤਇੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪਿਆਰ ਸਿੰਘ, ਐਕਸੀਅਨ ਡਰੇਨੇਜ਼ ਸਾਹਿਲ ਕੁਮਾਰ ਅਤੇ ਬੀ. ਡੀ. ਪੀ. ਓ. ਗੁਰਜੀਤ ਸਿੰਘ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।







