ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ, ਜੂਨ 12
ਦਿੱਲੀ ਵਿਚ ਜਲ ਸੰਕਟ ਸੰਬੰਧੀ ਸੁਪਰੀਮ ਕੋਰਟ ਨੇ ਟੈਂਕਰ ਮਾਫ਼ੀਆ ’ਤੇ ਸਵਾਲ ਚੁੱਕਦੇ ਹੋਏ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਕੀ ਟੈਂਕਰ ਮਾਫ਼ੀਆ ਖ਼ਿਲਾਫ਼ ਕੋਈ ਕਦਮ ਜਾਂ ਕਾਰਵਾਈ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਤੁਸੀਂ ਟੈਂਕਰ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ ਤਾਂ ਅਸੀਂ ਦਿੱਲੀ ਪੁਲਿਸ ਨੂੰ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਕਹਾਂਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਉਸ ਨੇ ਪਾਣੀ ਦੀ ਬਰਬਾਦੀ ਨੂੰ ਕੰਟਰੋਲ ਕਰਨ ਲਈ ਕੀ ਕਦਮ ਚੁੱਕੇ ਹਨ?
ਇਸ ‘ਤੇ ਦਿੱਲੀ ਸਰਕਾਰ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਹ ਚੁੱਕੇ ਗਏ ਕਦਮਾਂ ਅਤੇ ਕੀਤੇ ਗਏ ਉਪਾਵਾਂ ਬਾਰੇ ਹਲਫ਼ਨਾਮਾ ਦਾਇਰ ਕਰਨਗੇ ਕਿਉਂਕਿ ਉਨ੍ਹਾਂ ਨੇ ਵੱਡੇ ਪੱਧਰ ’ਤੇ ਕੁਨੈਕਸ਼ਨ ਕੱਟਣ ਅਤੇ ਪਾਣੀ ਦੀ ਵਾਧੂ ਬਰਬਾਦੀ ਨੂੰ ਰੋਕਣ ਸਮੇਤ ਕਈ ਕਾਰਵਾਈਆਂ ਕੀਤੀਆਂ ਹਨ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਸੁਣਵਾਈ ਤੋਂ ਪਹਿਲਾਂ ਅੱਜ ਜਾਂ ਕੱਲ੍ਹ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਭਲਕੇ ਲਈ ਟਾਲ ਦਿੱਤੀ ਹੈ।







