ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਗਸਤ 21
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮ੍ਰਿਤਕ ਦੋਸਤ ਦੀ ਨਾਬਾਲਗ ਧੀ ਨਾਲ ਕਈ ਮਹੀਨਿਆਂ ਤੱਕ ਬਲਾਤਕਾਰ ਕਰਨ ਵਾਲੇ ਦੋਸ਼ੀ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਇਸਦੇ ਨਾਲ ਹੀ ਮੁੱਖ ਸਕੱਤਰ ਤੋਂ ਅੱਜ ਸ਼ਾਮ 5 ਵਜੇ ਤੱਕ ਰਿਪੋਰਟ ਮੰਗੀ ਗਈ ਹੈ। ਦਿੱਲੀ ਪੁਲਿਸ ਮੁਤਾਬਕ ਇਹ ਮਾਮਲਾ ਸਾਲ 2020-21 ਦਾ ਹੈ। ਇਸ ਮਾਮਲੇ ਵਿੱਚ ਬੁਰਾੜੀ ਪੁਲਿਸ ਨੇ 13 ਅਗਸਤ ਨੂੰ ਦੋਸ਼ੀ ਡਿਪਟੀ ਡਾਇਰੈਕਟਰ ਦੇ ਖਿਲਾਫ ਆਈਪੀਸੀ ਅਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਪਹਿਲੀ ਸੂਚਨਾ ਰਿਪੋਰਟ (ਐਫਆਈਆਰ) ਦਰਜ ਕੀਤੀ ਸੀ।
ਇਸ ਮਾਮਲੇ ਨੂੰ ਲੈ ਕੇ ਆਪ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਇਹ ਇੱਕ ਭਿਆਨਕ ਘਟਨਾ ਹੈ। ਇਸ ਘਟਨਾ ਨੇ ਮਨੁੱਖਤਾ ਨੂੰ ਸ਼ਰਮਸਾਰ ਕਰ ਦਿੱਤਾ ਹੈ। ਹੁਣ ਤੱਕ ਕਾਰਵਾਈ ਹੋਣੀ ਚਾਹੀਦੀ ਸੀ। ਕਾਰਵਾਈ ਨਾ ਹੋਣ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਅਧਿਕਾਰੀ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ।
ਦਿੱਲੀ ‘ਚ ਮਹਿਲਾ ਆਯੋਗ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਕਿਹਾ ਕਿ ਦਿੱਲੀ ‘ਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ‘ਚ ਡਿਪਟੀ ਡਾਇਰੈਕਟਰ ਦੇ ਅਹੁਦੇ ‘ਤੇ ਬੈਠੇ ਇਕ ਸਰਕਾਰੀ ਅਧਿਕਾਰੀ ‘ਤੇ ਇਕ ਬੱਚੀ ਦੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲੱਗੇ ਹਨ। ਜਦੋਂ ਉਹ ਗਰਭਵਤੀ ਹੋ ਗਈ ਤਾਂ ਉਸਨੇ ਅਤੇ ਉਸਦੀ ਪਤਨੀ ਨੇ ਗਰਭਪਾਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ। ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਕਿਉਂਕਿ ਅਸੀਂ ਜਾਣਨਾ ਚਾਹੁੰਦੇ ਹਾਂ ਕਿ ਉਸਦੇ ਖਿਲਾਫ ਕੀ ਸ਼ਿਕਾਇਤਾਂ ਹਨ ਅਤੇ ਉਸਦੇ ਖਿਲਾਫ ਕੀ ਕਾਰਵਾਈ ਕੀਤੀ ਗਈ ਹੈ।







