ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਅਕਤੂਬਰ 5
ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ। NCR ਸ਼ਹਿਰਾਂ ਵਿੱਚ ਸਭ ਤੋਂ ਮਾੜੀ ਸਥਿਤੀ ਗਾਜ਼ੀਆਬਾਦ ਦੀ ਹੈ, ਜਿੱਥੇ ਅੱਜ ਗੁਣਵੱਤਾ ਸੂਚਕ ਅੰਕ 226 ਤਕ ਪਹੁੰਚ ਗਿਆ। ਇਸੇ ਤਰ੍ਹਾਂ ਗੁਰੂਗ੍ਰਾਮ ਸ਼ਹਿਰ ਵਿੱਚ, AQI 200 ਤੋਂ ਪਾਰ ਪਹੁੰਚ ਗਿਆ ਹੈ।
ਇਸ ਦੌਰਾਨ ਕੁਝ ਲੋਕਾਂ ਨੇ ਅੱਖਾਂ ‘ਚ ਜਲਣ ਦੀ ਸ਼ਿਕਾਇਤ ਵੀ ਕੀਤੀ ਹੈ। ਇਸ ਦੇ ਪਿੱਛੇ ਕਾਰਨ ਸਮੈਗ ਦੱਸਿਆ ਜਾ ਰਿਹਾ ਹੈ। ਦਿੱਲੀ-ਐਨਸੀਆਰ ਵਿੱਚ ਧੂੰਏਂ ਕਾਰਨ ਵਿਜ਼ੀਬਿਲਟੀ ਵੀ ਘੱਟ ਗਈ ਹੈ। ਬਾਰਿਸ਼ ਰੁਕਣ ਤੇ ਮੌਨਸੂਨ ਦੇ ਰਵਾਨਾ ਹੁੰਦੇ ਹੀ ਦਿੱਲੀ-ਐਨਸੀਆਰ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਵਧਣਾ ਸ਼ੁਰੂ ਹੋ ਗਿਆ ਹੈ। ਦਿੱਲੀ-ਐਨਸੀਆਰ ਵਿੱਚ ਆਨੰਦ ਵਿਹਾਰ, ਧੌਲਾ ਕੁਆਂ, ਆਸ਼ਰਮ, ਲਾਜਪਤਨਗਰ, ਪੀਰਾਗੜ੍ਹੀ, ਮਧੂਬਨ ਚੌਕ, ਵਜ਼ੀਰਾਬਾਦ ਅਤੇ ਬਦਰਪੁਰ ਸਰਹੱਦ ਵਿੱਚ ਹਵਾ ਪ੍ਰਦੂਸ਼ਣ ਦਾ ਪੱਧਰ 200 ਦੇ ਨੇੜੇ ਪਹੁੰਚ ਰਿਹਾ ਹੈ।
ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ, ਇੱਕ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ ਲਾਗੂ ਕੀਤਾ ਗਿਆ ਹੈ। ਇਸ ਤਹਿਤ ਕਈ ਪੜਾਵਾਂ ਵਿੱਚ ਪਾਬੰਦੀਆਂ ਲਗਾਈਆਂ ਜਾਣਗੀਆਂ। ਦਰਅਸਲ, AQI ਦੇ 300 ਨੂੰ ਪਾਰ ਕਰਦੇ ਹੀ ਦਿੱਲੀ-ਐਨਸੀਆਰ ਵਿੱਚ ਡੀਜ਼ਲ ਜਨਰੇਟਰਾਂ ‘ਤੇ ਪਾਬੰਦੀ ਲਗਾ ਦਿੱਤੀ ਜਾਵੇਗੀ।







