*ਗੁਰਦੁਆਰਾ ਸਾਹਿਬ ਵਿਖੇ ਦੀਵੇ ਜਗਾਏ ਅਤੇ ਅਮਨ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ
*ਜਨਤਾ ਜਨਾਰਦਨ ਗਊਸ਼ਾਲਾ ਵਿਖੇ ਗਊਆਂ ਨੂੰ ਗੁੜ ਖੁਆਇਆ, ਪ੍ਰਬੰਧਕਾਂ ਦੇ ਸੇਵਾ ਕਾਰਜਾਂ ਦੀ ਕੀਤੀ ਸ਼ਲਾਘਾ
ਦਿੜ੍ਹਬਾ, 9 ਨਵੰਬਰ
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਅਤੇ ਅਮਨ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਦੀਵੇ ਵੀ ਜਗਾਏ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਸੰਗਤ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਸ੍ਰ ਚੀਮਾ ਨੇ ਕਿਹਾ ਕਿ ਅਜਿਹੇ ਪਵਿੱਤਰ ਦਿਹਾੜੇ ਸਾਨੂੰ ਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੇਵਾ ਕਰਨ ਅਤੇ ਸਰਬੱਤ ਦਾ ਭਲਾ ਮੰਗਣ ਦਾ ਰਾਹ ਦਿਖਾਉਂਦੀਆਂ ਹਨ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਉਨ੍ਹਾਂ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਨੂੰ ਸਿਰੋਪਾਓ ਵੀ ਦਿੱਤਾ ਗਿਆ।
ਇਸ ਉਪਰੰਤ ਵਿੱਤ ਮੰਤਰੀ ਨੇ ਜਨਤਾ ਜਨਾਰਦਨ ਗਊਸ਼ਾਲਾ ਵਿਖੇ ਪਹੁੰਚ ਕੇ ਗਊਆਂ ਨੂੰ ਗੁੜ ਖੁਆਇਆ। ਗਊਸ਼ਾਲਾ ਦੇ ਪ੍ਰਬੰਧਕਾਂ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਗਊਆਂ ਦੀ ਸੇਵਾ ਅਤੇ ਦੇਖਭਾਲ ਕਰਨਾ ਇੱਕ ਨੇਕ ਕਾਰਜ ਹੈ। ਉਨ੍ਹਾਂ ਨੇ ਇਸ ਸੇਵਾ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।
ਇਸ ਮੌਕੇ ਵਿੱਤ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ, ਟਰੱਕ ਯੂਨੀਅਨ ਦੇ ਪ੍ਰਧਾਨ ਅਜੇ ਸਿੰਗਲਾ, ਪ੍ਰਦੀਪ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।







