ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਅੰਮ੍ਰਿਤਸਰ ਪਹੁੰਚਣ ‘ਤੇ ਜ਼ੋਰਦਾਰ ਸਵਾਗਤ; ਸਚਿਨ ਪਾਇਲਟ ਨੇ ਆਪ ਚਲਾਈ ਕਾਰ, ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਜਲੰਧਰ/ਅੰਮ੍ਰਿਤਸਰ, 8 ਅਕਤੂਬਰ, 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਕਮਾਨ ਸੰਭਾਲਣ ਤੋਂ ਬਾਅਦ ਨਵੇਂ ਸੂਬਾ ਪ੍ਰਧਾਨ ਪਰਗਟ ਸਿੰਘ ਪਹਿਲੀ ਵਾਰ ਪੰਜਾਬ ਪਹੁੰਚੇ, ਜਿੱਥੇ ਉਨ੍ਹਾਂ ਦਾ ਢੋਲ-ਧਮੱਕੇ ਨਾਲ ਭਰਵਾਂ ਸਵਾਗਤ ਕੀਤਾ ਗਿਆ। 3 ਅਕਤੂਬਰ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਪ੍ਰਧਾਨਗੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਪੰਜਾਬ ਦੌਰਾ ਹੈ। ਸਵੇਰੇ ਲਗਭਗ 9 ਵਜੇ ਦਿੱਲੀ ਤੋਂ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਕਾਂਗਰਸੀ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜੋ ਹਵਾਈ ਅੱਡੇ ਤੋਂ ਸ੍ਰੀ ਹਰਿਮੰਦਰ ਸਾਹਿਬ ਜਾਂਦੇ ਸਮੇਂ ਆਪ ਕਾਰ ਚਲਾਉਂਦੇ ਨਜ਼ਰ ਆਏ।

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਅੱਜ ਉਹ ਇੱਥੇ ਨਤਮਸਤਕ ਹੋ ਕੇ ਧੰਨਵਾਦ ਪ੍ਰਗਟ ਕਰਨ ਆਏ ਹਨ ਅਤੇ ਅੱਜ ਰਾਜਨੀਤੀ ਦੀ ਗੱਲ ਕਰਨ ਦਾ ਦਿਨ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਇੱਕ-ਦੋ ਦਿਨਾਂ ਬਾਅਦ ਪੂਰੀ ਤਰ੍ਹਾਂ ਸਿਆਸੀ ਗਤੀਵਿਧੀਆਂ ਸ਼ੁਰੂ ਕਰਨਗੇ। ਨਿਰਧਾਰਿਤ ਪ੍ਰੋਗਰਾਮ ਅਨੁਸਾਰ ਪਰਗਟ ਸਿੰਘ ਅੰਮ੍ਰਿਤਸਰ ਵਿੱਚ ਸਾਰੇ ਧਰਮਾਂ ਦੇ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਮੋਹਾਲੀ ਵਿਖੇ ਕਾਂਗਰਸ ਲੀਡਰਸ਼ਿਪ ਨਾਲ ਅਹਿਮ ਮੀਟਿੰਗ ਕਰਨਗੇ ਅਤੇ ਅਗਲੇ ਦਿਨ ਹਿਮਾਚਲ ਪ੍ਰਦੇਸ਼ ਸਥਿਤ ਮਾਂ ਚਿੰਤਪੂਰਨੀ ਮੰਦਰ ਵਿਖੇ ਦਰਸ਼ਨ ਕਰਨ ਜਾਣਗੇ।

ਪੰਜਾਬ ਆਉਣ ਤੋਂ ਪਹਿਲਾਂ ਪਰਗਟ ਸਿੰਘ ਨੇ ਦਿੱਲੀ ਵਿੱਚ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੱਖ-ਵੱਖ ਵਿਚਾਰ ਹੋਣਾ ਸੁਭਾਵਿਕ ਹੈ ਅਤੇ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਤੇ ਇੱਕਜੁੱਟਤਾ ਨਾਲ ਲੜੇਗੀ।

Leave a Reply

Your email address will not be published. Required fields are marked *

View in English