: ਅਮਿਤ ਸ਼ਾਹ ਨੇ ਦਿੱਲੀ ਵਿੱਚ ਕੀਤਾ ਰਸਮੀ ਐਲਾਨ, 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦੁਹਰਾਇਆ ਸੰਕਲਪ
ਨਵੀਂ ਦਿੱਲੀ/ਚੰਡੀਗੜ੍ਹ, 24 ਨਵੰਬਰ, 2026: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਵੱਡਾ ਮੋੜ ਆਇਆ ਹੈ। ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ ਛੇ ਸਾਲਾਂ ਦੇ ਵਕਫ਼ੇ ਮਗਰੋਂ ਮੁੜ ਇੱਕ-ਦੂਜੇ ਨਾਲ ਹੱਥ ਮਿਲਾਉਂਦਿਆਂ ਇਕੱਠੇ ਹੋ ਗਏ ਹਨ। ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਠਜੋੜ ਦਾ ਰਸਮੀ ਐਲਾਨ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਦੋਵਾਂ ਪਾਰਟੀਆਂ ਨੇ ਇਸ ਤੋਂ ਪਹਿਲਾਂ 1997, 2007 ਅਤੇ 2012 ਵਿੱਚ ਮਿਲ ਕੇ ਪੰਜਾਬ ਵਿੱਚ ਤਿੰਨ ਵਾਰ ਸਰਕਾਰ ਬਣਾਈ ਸੀ, ਪਰ ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ 24 ਸਾਲ ਪੁਰਾਣਾ ਇਹ ਗੱਠਜੋੜ ਟੁੱਟ ਗਿਆ ਸੀ। ਇਸ ਤੋਂ ਬਾਅਦ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ ਵਿੱਚੋਂ ਅਕਾਲੀ ਦਲ ਨੇ 3 ਅਤੇ ਭਾਜਪਾ ਨੇ 2 ਸੀਟਾਂ ਜਿੱਤੀਆਂ ਸਨ।
ਅਮਿਤ ਸ਼ਾਹ ਦਾ ਸੰਬੋਧਨ: “ਇਹ ਗੱਠਜੋੜ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ”
ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਜ ਤੋਂ ਸ਼੍ਰੋਮਣੀ ਅਕਾਲੀ ਦਲ ਮੁੜ ਐਨ.ਡੀ.ਏ. (NDA) ਦਾ ਹਿੱਸਾ ਬਣ ਗਿਆ ਹੈ ਅਤੇ ਦੋਵੇਂ ਪਾਰਟੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲਬਾਤ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਸਭ ਤੋਂ ਪੁਰਾਣੇ ਸਾਥੀ ਦੀ ਵਾਪਸੀ ਨਾਲ ਹੁਣ ਐਨ.ਡੀ.ਏ. ਸੰਪੂਰਨ ਹੋ ਗਿਆ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਤੋਂ ਚੱਲਿਆ ਆ ਰਿਹਾ ਇਹ ਰਿਸ਼ਤਾ ਪੰਜਾਬ ਅਤੇ ਦੇਸ਼ ਭਰ ਵਿੱਚ ਹਿੰਦੂ-ਸਿੱਖ ਭਾਈਚਾਰਕ ਸਾਂਝ ਦੀ ਮਿਸਾਲ ਕਾਇਮ ਕਰੇਗਾ। ਸੂਬੇ ਦੀ ਮੌਜੂਦਾ ‘ਆਪ’ ਸਰਕਾਰ ਅਤੇ ਪਿਛਲੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਸ਼ਾਹ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਨਸ਼ਾ ਖ਼ਤਮ ਕਰਨ ਦੇ ਵਾਅਦੇ ਤੋੜੇ ਹਨ। ਉਨ੍ਹਾਂ ਡੇਢ ਮਹੀਨੇ ਵਿੱਚ ਤੀਜੀ ਵਾਰ ਆਪਣਾ ਸੰਕਲਪ ਦੁਹਰਾਉਂਦਿਆਂ ਕਿਹਾ ਕਿ ਐਨ.ਡੀ.ਏ. ਸਰਕਾਰ ਬਣਨ ‘ਤੇ 31 ਦਸੰਬਰ, 2029 ਤੱਕ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾ ਦਿੱਤਾ ਜਾਵੇਗਾ ਅਤੇ ਅਗਲੇ ਤਿੰਨ ਮਹੀਨਿਆਂ ਵਿੱਚ ਕਿਸਾਨਾਂ, ਆਰਥਿਕਤਾ ਅਤੇ ਰੁਜ਼ਗਾਰ ਸਬੰਧੀ ਵਿਆਪਕ ਰੋਡਮੈਪ ਤਿਆਰ ਕੀਤਾ ਜਾਵੇਗਾ।
ਸੁਖਬੀਰ ਬਾਦਲ ਬੋਲੇ— “ਇਹ ਸਿਆਸੀ ਨਹੀਂ ਸਗੋਂ ਭਾਵਨਾਤਮਕ ਗੱਠਜੋੜ”
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਇਸ ਦਿਨ ਹੋਏ ਗੱਠਜੋੜ ਨੂੰ ਇਤਿਹਾਸਕ ਅਤੇ ਭਾਵਨਾਤਮਕ ਦੱਸਿਆ। ਉਨ੍ਹਾਂ ਕਿਹਾ ਕਿ 106 ਸਾਲ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਦੇਸ਼ ਅਤੇ ਪੰਜਾਬ ਦੇ ਹਿੱਤਾਂ ਲਈ ਸੰਘਰਸ਼ ਕੀਤਾ ਹੈ।
ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਦੇ ਪੰਜ ਸਾਲਾਂ ਅਤੇ ਫਿਰ ਕੇਜਰੀਵਾਲ ਦੀ ਟੀਮ ਦੇ ਪੰਜ ਸਾਲਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੀ ਲੋੜ ਹੈ, ਜੋ ਸਿਰਫ਼ ਅਕਾਲੀ-ਭਾਜਪਾ ਸਰਕਾਰ ਹੀ ਕਰ ਸਕਦੀ ਹੈ।
ਸੀਟਾਂ ਦੀ ਵੰਡ ‘ਤੇ ਬਾਅਦ ਵਿੱਚ ਹੋਵੇਗੀ ਚਰਚਾ: ਨਿਤਿਨ ਨਵੀਨ
ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਅਕਾਲੀ ਦਲ ਦਾ ਸਵਾਗਤ ਕਰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਵਰਕਰਾਂ ਅਤੇ ਜਨਤਾ ਦੇ ਪੱਧਰ ‘ਤੇ ਕੁਦਰਤੀ ਗੱਠਜੋੜ ਹੈ, ਜਿਸ ਨਾਲ ਐਨ.ਡੀ.ਏ. ਨੂੰ ਵੱਡੀ ਮਜ਼ਬੂਤੀ ਮਿਲੇਗੀ। ਸੀਟਾਂ ਦੀ ਵੰਡ ਸਬੰਧੀ ਸਵਾਲ ‘ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁੱਦੇ ‘ਤੇ ਦੋਵਾਂ ਪਾਰਟੀਆਂ ਦੇ ਆਗੂ ਬਾਅਦ ਵਿੱਚ ਬੈਠ ਕੇ ਚਰਚਾ ਕਰਨਗੇ। ਦੂਜੇ ਪਾਸੇ, ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ, ਸਦਭਾਵਨਾ ਅਤੇ ਵਿਕਾਸ ਦੇ ਪੁਰਾਣੇ ਯੁੱਗ ਨੂੰ ਵਾਪਸ ਲਿਆਉਣ ਲਈ ਲੋਕ ਇਸ ਗੱਠਜੋੜ ਦੀ ਉਡੀਕ ਕਰ ਰਹੇ ਸਨ।







