ਪੰਜਾਬ ‘ਚ ‘ਆਪ’ ਵਿਧਾਇਕ ਦੇ ਘਰ ‘ਤੇ ED ਦਾ ਛਾਪਾ

ਚੰਡੀਗੜ੍ਹ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਸਵੇਰੇ ਮੋਹਾਲੀ, ਪੰਜਾਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰਾਂ ‘ਤੇ ਛਾਪੇਮਾਰੀ ਕੀਤੀ। ਮੁਹਾਲੀ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਵਿੱਚ 12 ਥਾਵਾਂ ’ਤੇ ਇੱਕੋ ਸਮੇਂ ਈਡੀ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿਚ ਕੀਤੀ ਜਾ ਰਹੀ ਹੈ। ਜਿਸ ਵਿੱਚ ਸ਼ਰਾਬ ਦੇ ਠੇਕੇਦਾਰਾਂ ਨਾਲ ਉਸ ਦੀ ਸ਼ਮੂਲੀਅਤ ਦਾ ਸ਼ੱਕ ਹੈ। ਕੁਲਵੰਤ ਸਿੰਘ ਪੰਜਾਬ ਦੇ ਸਭ ਤੋਂ ਅਮੀਰ ਵਿਧਾਇਕ ਹਨ, ਜਿਨ੍ਹਾਂ ਨੇ ਆਪਣੇ ਚੋਣ ਹਲਫ਼ਨਾਮੇ ਵਿੱਚ 250 ਕਰੋੜ ਰੁਪਏ ਦੀ ਜਾਇਦਾਦ ਦੱਸੀ ਸੀ।

ਮੋਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਰੀਅਲ ਅਸਟੇਟ ਕਾਰੋਬਾਰੀ ਹਨ। ਉਸ ਦੇ ਮੁਹਾਲੀ ਵਿੱਚ ਜੇਐਲਪੀਐਲ ਦੇ ਨਾਂ ’ਤੇ ਦੋ ਪ੍ਰਾਜੈਕਟ ਚੱਲ ਰਹੇ ਹਨ। ਕੁਝ ਦਿਨ ਪਹਿਲਾਂ ਹੀ ਰਾਜਪਾਲ ਨੇ ਉਨ੍ਹਾਂ ਦੇ ਪ੍ਰਾਜੈਕਟ ‘ਤੇ ਸਵਾਲ ਖੜ੍ਹੇ ਕੀਤੇ ਸਨ।

ਜਿੱਥੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਵਿੱਚ ਦਸਤਾਵੇਜ਼ਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਥਿਤ ਵਿਧਾਇਕ ਦੀ ਭਾਈਵਾਲੀ ਫਰਮ ਵਿੱਚ ਵੀ ਈਡੀ ਦੀਆਂ ਟੀਮਾਂ ਪਹੁੰਚ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਮੁਹਾਲੀ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਦੇ ਨਾਲ-ਨਾਲ ਰਾਜਸਥਾਨ ਦੇ ਸ੍ਰੀ ਗੰਗਾਨਗਰ ਸਮੇਤ ਪੂਰੇ ਪੰਜਾਬ ਵਿੱਚ ਤਲਾਸ਼ੀ ਜਾਰੀ ਹੈ। ਇਸ ਦੌਰਾਨ ਮੁਹਾਲੀ ਦਾ ਵੱਡਾ ਸੀਏ ਵੀ ਈਡੀ ਦੇ ਰਡਾਰ ’ਤੇ ਹੈ। ਕੁਲਵੰਤ ਸਿੰਘ ਵੀ ਪੰਜਾਬ ਦੇ ਵੱਡੇ ਰੀਅਲ ਅਸਟੇਟ ਕਾਰੋਬਾਰੀਆਂ ਵਿੱਚੋਂ ਇੱਕ ਹਨ।

Leave a Reply

Your email address will not be published. Required fields are marked *

View in English