ਨਵੀਂ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਆਉਣ ਵਾਲੀ ਹੈ। ਮੌਸਮ ਵਿਭਾਗ ਮੁਤਾਬਕ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ‘ਚ ਕੁੱਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਰਾਤ ਦੇ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਅਤੇ ਦਿਨ ਦੇ ਤਾਪਮਾਨ ਵਿੱਚ ਇੱਕ ਤੋਂ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਧੁੰਦ ਦਾ ਕਹਿਰ ਵੀ ਵਧੇਗਾ। ਵੀਰਵਾਰ ਤੋਂ ਬਾਅਦ ਅਗਲੇ ਚਾਰ ਦਿਨਾਂ ਭਾਵ 1 ਦਸੰਬਰ ਤੋਂ 4 ਦਸੰਬਰ ਤੱਕ ਮੌਸਮ ਖੁਸ਼ਕ ਰਹੇਗਾ।
ਚੰਡੀਗੜ੍ਹ ‘ਚ ਮੰਗਲਵਾਰ ਨੂੰ ਹਲਕੀ ਬਾਰਿਸ਼ ਹੋਈ ਪਰ ਪੰਜਾਬ ‘ਚ ਕਿਤੇ ਵੀ ਮੀਂਹ ਨਹੀਂ ਪਿਆ। ਪਰ, ਸੂਰਜ ਦੇਵਤਾ ਦਿਨ ਭਰ ਲੁਕਣਮੀਟੀ ਖੇਡਦੇ ਨਜ਼ਰ ਆ ਰਹੇ ਸੀ। ਦਿਨ ਦੇ ਤਾਪਮਾਨ ‘ਚ 3.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਜਦਕਿ ਘੱਟੋ-ਘੱਟ ਤਾਪਮਾਨ ‘ਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਪਠਾਨਕੋਟ ਵਿੱਚ ਸਭ ਤੋਂ ਘੱਟ ਤਾਪਮਾਨ 11.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 12.8, ਲੁਧਿਆਣਾ ਦਾ 11.7, ਪਟਿਆਲਾ ਦਾ 13.2, ਬਠਿੰਡਾ ਦਾ 14.0, ਫਰੀਦਕੋਟ ਦਾ 14.0, ਜਲੰਧਰ ਦਾ 11.4, ਮੋਗਾ ਦਾ 13.4 ਅਤੇ ਰੋਪੜ ਦਾ 13.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਮਾਹਿਰਾਂ ਨੇ ਕਿਸਾਨਾਂ ਨੂੰ ਫ਼ਸਲਾਂ ਨੂੰ ਖੁੱਲ੍ਹੇ ਵਿੱਚ ਨਾ ਰੱਖਣ ਅਤੇ ਫ਼ਸਲਾਂ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬਾਰਿਸ਼ ਦੌਰਾਨ ਸਾਵਧਾਨੀ ਨਾਲ ਵਾਹਨ ਚਲਾਉਣ ਅਤੇ ਦਰਖਤਾਂ ਦੇ ਹੇਠਾਂ ਸ਼ਰਨ ਨਾ ਲੈਣ ਜਾਂ ਪਾਣੀ ਦੇ ਨੇੜੇ ਨਾ ਜਾਣ ਲਈ ਵੀ ਕਿਹਾ ਗਿਆ ਹੈ।







