ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਹੋਏ ਨਤਮਸਤਕ

ਫੈਕਟ ਸਮਾਚਾਰ ਸੇਵਾ

ਜਲੰਧਰ, ਸਤੰਬਰ 25

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸਥਾਨਕ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਕ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੱਸਦੇ ਲੱਖਾਂ ਸ਼ਰਧਾਲੂਆਂ ਦੀ ਵੀ ਡੂੰਘੀ ਆਸਥਾ ਅਤੇ ਸ਼ਰਧਾ ਦਾ ਕੇਂਦਰ ਹੈ। ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤਾਂ ਇਥੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦੀਆਂ ਹਨ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਚੇਅਰਮੈਨ ਸ਼ੀਤਲ ਵਿੱਜ ਵੀ ਮੌਜੂਦ ਸਨ।

ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਇਸ ਪਾਵਨ ਮੌਕੇ ’ਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਆਪਸੀ ਪ੍ਰੇਮ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਇਕਜੁੱਟਤਾ ਅਤੇ ਸਰਗਰਮ ਭਾਗੀਦਾਰੀ ਨਾਲ ਪੰਜਾਬ ਨੂੰ ਤਰੱਕੀ ਅਤੇ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਤੋਂ ਪਹਿਲਾਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਦੇ ਪਹਿਲੇ ਦਿਨ ਕਰਵਾਏ ਗਏ ਹਵਨ ਯੱਗ ਵਿੱਚ ਸ਼ਰਧਾ ਨਾਲ ਹਿੱਸਾ ਲਿਆ।

ਸਮਾਗਮ ਮੌਕੇ ਮੇਅਰ ਵਿਨੀਤ ਧੀਰ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਡਿਪਟੀ ਮੇਅਰ ਮਲਕੀਤ ਸਿੰਘ, ਅਭਿਸ਼ੇਕ ਵਿੱਜ, ਸ਼੍ਰੀ ਸਿੱਧ ਬਾਬਾ ਸੋਢਲ ਟਰੱਸਟ ਦੇ ਜਨਰਲ ਸਕੱਤਰ ਤਰਸੇਮ ਕਪੂਰ, ਕੈਸ਼ੀਅਰ ਸੁਰੇਸ਼ ਚੱਢਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Leave a Reply

Your email address will not be published. Required fields are marked *

View in English