ਪੰਜਾਬ ਸਰਕਾਰ ਬੰਦੀ ਸਿੱਖਾਂ ਦੀ ਰਿਹਾਈ ਲਈ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਕਰੇਗੀ ਸੰਪਰਕ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 2

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।

Leave a Reply

Your email address will not be published. Required fields are marked *

View in English