ਫੈਕਟ ਸਮਾਚਾਰ ਸੇਵਾ
ਲੁਧਿਆਣਾ, ਸਤੰਬਰ 1
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਲੁਧਿਆਣਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਇਹ ਸਕੀਮ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖਰੀਦਦਾਰਾਂ ਨੂੰ ਵਸਤੂਆਂ ਦੀ ਖਰੀਦ ਤੋਂ ਬਾਅਦ ਡੀਲਰਾਂ ਤੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਸਬੰਧੀ ਸ਼ੁਰੂ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ‘ਤੇ ਖਰੀਦ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋ ਜਾਣਗੇ ਅਤੇ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਕੱਢਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣੇ ਹਨ ਅਤੇ ਯੋਗ ਬਿੱਲ ਦੀ ਰਕਮ ਘੱਟ ਤੋਂ ਘੱਟ 200 ਰੁਪਏ ਹੋਣੀ ਚਾਹੀਦੀ ਹੈ। ਪੈਟਰੋਲੀਅਮ ਉਤਪਾਦਾਂ ਅਤੇ ਸ਼ਰਾਬ ਦੇ ਵਿਕਰੀ ਬਿੱਲ ਡਰਾਅ ਲਈ ਯੋਗ ਨਹੀਂ ਹਨ।
ਉਨ੍ਹਾਂ ਦੱਸਿਆ ਕਿ ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਕਰ ਯੋਗ ਰਕਮ ਦੇ ਪੰਜ ਗੁਣਾਂ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਪਾਈ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਦੇ ਰਾਹੀਂ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਵਸਨੀਕਾਂ ਨੂੰ ‘ਮੇਰਾ ਬਿੱਲ’ ਐਪ ਨੂੰ ਆਪਣੇ ਮੋਬਾਈਲ ਫੋਨ ‘ਤੇ ਗੂਗਲ ਪਲੇ ਸਟੋਰ ਜਾਂ ਆਈ.ਓ.ਐਸ. ਤੋਂ ਡਾਊਨਲੋਡ ਕਰਨ ਤੋਂ ਬਾਅਦ ਰਜਿਸਟਰ ਕਰਨਾ ਚਾਹੀਦਾ ਹੈ ਅਤੇ ਇਸ ਸਕੀਮ ਦਾ ਲਾਭ ਉਠਾਉਣਾ ਚਾਹੀਦਾ ਹੈ।







