ਮੁੱਖ ਮੰਤਰੀ ਮਾਨ ਦਾ ਵੱਡਾ ਬਿਆਨ : ਆਨੰਦ ਮੈਰਿਜ ਐਕਟ ਲਾਗੂ ਕਰਾਂਗੇ

ਫੈਕਟ ਸਮਾਚਾਰ ਸੇਵਾ

ਸ਼੍ਰੀ ਆਨੰਦਪੁਰ ਸਾਹਿਬ, ਨਵੰਬਰ 8

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਨੰਦ ਮੈਰਿਜ ਐਕਟ ਪੂਰੀ ਤਰ੍ਹਾਂ ਲਾਗੂ ਕੀਤਾ ਜਾਏਗਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਐਲਾਨ ਕੀਤਾ ਕਿ ਅਨੰਦ ਮੈਰਿਜ ਐਕਟ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਨੂੰ 2016 ਵਿੱਚ ਨੋਟੀਫਾਈ ਕੀਤਾ ਗਿਆ ਸੀ ਪਰ ਉਦੋਂ ਤੋਂ ਇਹ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਈ ਹੋਰ ਰਾਜ ਪਹਿਲਾਂ ਹੀ ਇਸ ਐਕਟ ਨੂੰ ਲਾਗੂ ਕਰ ਚੁੱਕੇ ਹਨ ਪਰ ਪੰਜਾਬ ਇਸ ਤੋਂ ਪਛੜ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਐਕਟ ਨੂੰ ਹੁਣ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਅਰਦਾਸ ਕੀਤੀ ਕਿ ਸੂਬੇ ਵਿੱਚ ਫ਼ਿਰਕੂ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਹਰ ਲੰਘਦੇ ਦਿਨ ਨਾਲ ਜ਼ਿਆਦਾ ਮਜ਼ਬੂਤ ​​ਹੋਣ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਸੰਗਤ ਨੂੰ ਹਾਰਦਿਕ ਵਧਾਈ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਕ ਆਗੂ ਸਨ, ਜਿਨ੍ਹਾਂ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ।

Leave a Reply

Your email address will not be published. Required fields are marked *

View in English