ਫੈਕਟ ਸਮਾਚਾਰ ਸੇਵਾ
ਫਰੀਦਕੋਟ, ਅਕਤੂਬਰ 28
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੰਧਵਾਂ, ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ ਕਾਰਨ ਸੂਬੇ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਆਦਿ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨ ਦੁਪਹਿਰ ਦੇ 12 ਵਜੇ ਤੱਕ ਆਪਣੀ ਫ਼ਸਲ ਵੇਚ ਕੇ ਜਾ ਰਿਹਾ ਹੈ ਕਿ ਅਤੇ ਸੂਬਾ ਸਰਕਾਰ ਵੱਲੋਂ ਉਸੇ ਦਿਨ ਹੀ ਸ਼ਾਮ ਦੇ 4 ਵਜੇ ਤੱਕ (ਸਿਰਫ਼ ਚਾਰ ਘੰਟਿਆਂ ਵਿੱਚ) ਝੋਨੇ ਦੀ ਫ਼ਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਪਾਈ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਦਾਣਾ ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਵੱਲੋਂ ਸੂਬਾ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਅਤੇ ਲੋੜੀਂਦੇ ਪ੍ਰਬੰਧਾਂ ਤੇ ਵੀ ਤਸੱਲੀ ਪ੍ਰਗਟ ਕੀਤੀ ਗਈ। ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਮੰਡੀਆਂ ਵਿਚ 300267 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਵਿਚੋਂ 287266 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ। । ਉਨ੍ਹਾ ਦੱਸਿਆ ਕਿ ਹੁਣ ਤੱਕ ਜਿਲਾ ਫਰੀਦਕੋਟ ਦੇ ਕਿਸਾਨਾਂ ਨੂੰ 453.08 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨ੍ਹਾਂ ’ਚ ਸ਼ੈਲਰ ਮਾਲਕ, ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਵੀ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖ਼ਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ।
ਇਸ ਮੌਕੇ ਐਸ.ਡੀ.ਐਮ. ਮੈਡਮ ਬਲਜੀਤ ਕੌਰ, ਡਿਪਟੀ ਡਾਇਰੈਕਟਰ ਖੁਰਾਕ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋ, ਡੀ.ਐਫ.ਐਸ.ਸੀ. ਕੁਲਵੰਤ ਸਿੰਘ. ਜਿਲਾ ਮੰਡੀ ਅਫਸਰ ਪ੍ਰੀਤਕੰਵਰ ਸਿੰਘ ਬਰਾੜ, ਏ.ਐਫ.ਐਸ.ਓ ਗੁਰਚਰਨ ਪਾਲ, ਸੁਖਜੀਤ ਸਿੰਘ ਢਿੱਲਵਾਂ ਜਿਲਾ ਪ੍ਰਧਾਨ ਆਮ ਆਦਮੀ ਪਾਰਟੀ, ਗੁਰਤੇਜ ਸਿੰਘ ਖੋਸਾ ਜਿਲ੍ਹਾ ਸਕੱਤਰ, ਰਵੀ ਬੁਗਰਾ ਜਿਲ੍ਹਾ ਪ੍ਰਧਾਨ ਵਪਾਰ ਮੰਡਲ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਬਾਬਾ, ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।







