ਰਵਨੀਤ ਬਿੱਟੂ ਨੂੰ ਹਿਰਾਸਤ ‘ਚ ਲਿਆ, CM ਮਾਨ ਦੇ ਕਾਫ਼ਲੇ ਨੂੰ ਦਿਖਾਏ ਟਮਾਟਰ, ਸ਼ਰਾਬ ਦੀਆਂ ਬੋਤਲਾਂ ਤੇ ਅੰਡੇ

ਫੈਕਟ ਸਮਾਚਾਰ ਸੇਵਾ

ਲੁਧਿਆਣਾ , ਸਤੰਬਰ 19

ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਅੱਜ ਪੰਜਾਬ ਪੁਲਿਸ ਨੇ ਹਿਰਾਸਤ ‘ਚ ਲੈ ਲਿਆ। ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU) ਦੇ ਗੇਟ ਨੇੜੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਨੂੰ ਸ਼ਰਾਬ ਦੀਆਂ ਬੋਤਲਾਂ, ਅੰਡੇ ਅਤੇ ਟਮਾਟਰ ਦਿਖਾਏ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ। ਇਹ ਕਾਰਵਾਈ ਉਸ ਘਟਨਾ ਤੋਂ ਇਕ ਦਿਨ ਬਾਅਦ ਹੋਈ, ਜਦੋਂ ਬਿੱਟੂ ਨੇ ਦੋਸ਼ ਲਗਾਇਆ ਸੀ ਕਿ ਬਟਾਲਾ ਨੇੜੇ ਆਮ ਆਦਮੀ ਪਾਰਟੀ (AAP) ਦੇ ਵਰਕਰਾਂ ਨੇ ਉਨ੍ਹਾਂ ਦੇ ਕਾਫ਼ਲੇ ‘ਤੇ ਹਮਲਾ ਕੀਤਾ ਸੀ। ਉਸ ਸਮੇਂ ਉਹ ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ‘ਚ ਸ਼ਾਮਲ ਹੋਣ ਲਈ ਪਠਾਨਕੋਟ ਜਾ ਰਹੇ ਸਨ।

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੇ 100 ਤੋਂ ਵੱਧ ਵਰਕਰਾਂ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਨਿਸ਼ਾਨਾ ਬਣਾਇਆ ਅਤੇ ਗੱਡੀਆਂ ‘ਤੇ ਪੱਥਰ ਤੇ ਅੰਡੇ ਸੁੱਟੇ।
ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਹਮਲੇ ‘ਚ ਦੋ ਐਸਕੋਰਟ ਗੱਡੀਆਂ ਤੇ ਜੈਮਰ ਗੱਡੀ ਨੁਕਸਾਨੀ ਗਈ। ਬਿੱਟੂ ਨੇ ਕਿਹਾ ਕਿ ਦੋ ਐਸਕੋਰਟ ਗੱਡੀਆਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਉਨ੍ਹਾਂ ਨੇ ਜੈਮਰ ਗੱਡੀ ਨੂੰ ਵੀ ਨੁਕਸਾਨ ਪਹੁੰਚਾਇਆ।

ਰਵਨੀਤ ਬਿੱਟੂ ਨੇ ਘਟਨਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਨ੍ਹਾਂ ਦਾ ਕਾਫ਼ਲਾ ਹੌਲੀ ਹੋਇਆ ਸੀ। ਉਨ੍ਹਾਂ ਕਿਹਾ ਕਿ ਉਸ ਦੌਰਾਨ ਸਥਾਨਕ ਪੁਲਿਸ ਮੂਕ ਦਰਸ਼ਕ ਬਣੀ ਰਹੀ। ਬਿੱਟੂ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਨਾਲ ਮੌਜੂਦ ਲੋਕਾਂ ਨੂੰ ਕੁਝ ਵੀ ਹੁੰਦਾ ਹੈ ਤਾਂ ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਸੂਬੇ ਦੇ ਡੀਜੀਪੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਣਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਦੇ ਦਿੱਤੀ ਹੈ।

Leave a Reply

Your email address will not be published. Required fields are marked *

View in English