ਫੈਕਟ ਸਮਾਚਾਰ ਸੇਵਾ
ਨਵੀਂ ਦਿੱਲੀ , ਫਰਵਰੀ 20
ਦਿੱਲੀ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਇੱਕ ਜਨਤਕ ਨੋਟਿਸ ਜਾਰੀ ਕਰਕੇ ਨਿੱਜੀ ਬਾਈਕ ਟੈਕਸੀਆਂ ਦੀ ਵਪਾਰਕ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਨੋਟਿਸ ‘ਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਹੁਕਮ ਜਾਰੀ ਹੋਣ ਤੋਂ ਬਾਅਦ ਵੀ ਬਾਈਕ ਨੂੰ ਟੈਕਸੀ ਵਜੋਂ ਚਲਾਉਣ ਵਾਲਿਆਂ ਦਾ ਚਲਾਨ ਕੱਟਿਆ ਜਾਵੇਗਾ। ਇੰਨਾ ਹੀ ਨਹੀਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਬਾਈਕ ਸਵਾਰਾਂ ਦਾ ਲਾਇਸੈਂਸ ਵੀ ਰੱਦ ਕੀਤਾ ਜਾ ਸਕਦਾ ਹੈ।
ਸਰਕਾਰ ਨੇ ਬਾਈਕ ਟੈਕਸੀ ਦੀ ਸੇਵਾ ਉਪਲੱਬਧ ਕਰਵਾਉਣ ਵਾਲੇ ਸਭ ਐਗਰੀਗੇਟਰਾਂ ਨੂੰ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਹ ਆਪਣੀ ਐਪ ‘ਤੇ ਬੁਕਿੰਗ ਜਾਰੀ ਰੱਖਦੇ ਹਨ ਤਾਂ ਮੋਟਰ ਵਹੀਕਲ ਐਕਟ ਦੇ ਤਹਿਤ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਨਿਯਮ ਦੀ ਉਲੰਘਣਾ ਕਰਨ ‘ਤੇ ਇੱਕ ਲੱਖ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਦਿੱਲੀ ਸਰਕਾਰ ਦਾ ਟਰਾਂਸਪੋਰਟ ਵਿਭਾਗ ਜਲਦੀ ਹੀ ਐਗਰੀਗੇਟਰਾਂ ਨੂੰ ਵੀ ਕਾਰਨ ਦੱਸੋ ਨੋਟਿਸ ਭੇਜਣ ਦੀ ਤਿਆਰੀ ਕਰ ਰਿਹਾ ਹੈ।







