ਰਾਜਸਥਾਨ : ਹਸਪਤਾਲ ਦੇ ICU ਵਾਰਡ ’ਚ ਲੱਗੀ ਅੱਗ, 7 ਮਰੀਜ਼ਾਂ ਦੀ ਮੌਤ

ਫੈਕਟ ਸਮਾਚਾਰ ਸੇਵਾ

ਜੈਪੁਰ, ਅਕਤੂਬਰ 6

ਰਾਜਸਥਾਨ ਦੀ ਰਾਜਧਾਨੀ ਜੈਪੁਰ ਵਿਚ ਸਵਾਈ ਮਾਨ ਸਿੰਘ ਹਸਪਤਾਲ ਦੇ ਟਰਾਮਾ ਸੈਂਟਰ ਦੇ ਆਈ.ਸੀ.ਯੂ. ਵਾਰਡ ਵਿਚ ਬੀਤੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿਚ ਸੱਤ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਗੰਭੀਰ ਮਰੀਜ਼ਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਮੌਕੇ ’ਤੇ ਮੌਜੂਦ ਡਾਕਟਰਾਂ, ਨਰਸਾਂ ਅਤੇ ਫਾਇਰ ਵਿਭਾਗ ਦੀ ਟੀਮ ਨੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਟਰਾਮਾ ਸੈਂਟਰ ਦੇ ਇੰਚਾਰਜ ਡਾ. ਅਨੁਰਾਗ ਧਾਕੜ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਪਦੀ ਹੈ। ਆਈ.ਸੀ.ਯੂ. ਵਿਚ ਦਾਖ਼ਲ ਜ਼ਿਆਦਾਤਰ ਮਰੀਜ਼ ਪਹਿਲਾਂ ਹੀ ਗੰਭੀਰ ਹਾਲਤ ਵਿਚ ਸਨ ਅਤੇ ਕਈ ਕੋਮਾ ਵਿਚ ਸਨ। ਅੱਗ ਤੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਨੇ ਉਨ੍ਹਾਂ ਦੀ ਹਾਲਤ ਹੋਰ ਵੀ ਵਿਗੜ ਗਈ। ਅਸੀਂ ਉਨ੍ਹਾਂ ਨੂੰ ਹੇਠਲੀ ਮੰਜ਼ਿਲ ’ਤੇ ਸਥਿਤ ਆਈ.ਸੀ.ਯੂ. ਵਿਚ ਸ਼ਿਫਟ ਕਰਨ ਦੀ ਕੋਸ਼ਿਸ਼ ਕੀਤੀ, ਪਰ ਸੱਤ ਮਰੀਜ਼ਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਹਾਦਸੇ ਦੀ ਜਾਣਕਾਰੀ ਮਿਲਣ ’ਤੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਨਿੱਜੀ ਤੌਰ ’ਤੇ ਸਵਾਈ ਮਾਨ ਸਿੰਘ ਹਸਪਤਾਲ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਰਾਜਸਥਾਨ ਸਰਕਾਰ ਦੇ ਮੰਤਰੀ ਜਵਾਹਰ ਸਿੰਘ ਬੇਧਮ ਵੀ ਸਨ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸੂਚਨਾ ਮਿਲੀ ਕਿ ਸ਼ਾਰਟ ਸਰਕਟ ਕਾਰਨ ਆਈ.ਸੀ.ਯੂ. ਵਿਚ ਅੱਗ ਲੱਗੀ ਹੈ। ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਕੁਝ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 24 ਮਰੀਜ਼ਾਂ ਵਿਚੋਂ ਜ਼ਿਆਦਾਤਰ ਨੂੰ ਬਚਾਅ ਲਿਆ ਗਿਆ ਹੈ। ਸਰਕਾਰ ਜ਼ਖ਼ਮੀਆਂ ਦੇ ਇਲਾਜ ਨੂੰ ਤਰਜੀਹ ਦੇ ਰਹੀ ਹੈ।

Leave a Reply

Your email address will not be published. Required fields are marked *

View in English