ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ

ਫੈਕਟ ਸਮਾਚਾਰ ਸੇਵਾ

ਮਾਨਸਾ, ਸਤੰਬਰ 9

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਹਿੱਤ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਥਾਨਕ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਵਿਚ ਅਣਗਹਿਲੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੇ ਲਈ ਸਕੂਲ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਇਸ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਮੂਹ ਸਕੂਲਾਂ ਦੇ ਪਿ੍ਰੰਸੀਪਲਾਂ ਨੂੰ ਹਦਾਇਤ ਕੀਤੀ ਕਿ ਮਹੀਨੇ ਦੇ ਅੰਦਰ-ਅੰਦਰ ਆਪਣੇ-ਆਪਣੇ ਸਕੂਲੀ ਵਾਹਨਾਂ ਦੀਆਂ ਤੁਰੱਟੀਆਂ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਜਿਸ ਵਾਹਨ ਵਿਚ ਇਕ ਵੀ ਵਿਦਿਆਰਥਣ ਆਉਂਦੀ ਹੈ ਉਸ ਵਿਚ ਲੇਡੀਜ਼ ਅਟੈਂਡੈਟ ਦੀ ਸੁਵਿਧਾ ਲਾਜ਼ਮੀ ਕੀਤੀ ਜਾਵੇ। ਇਸ ਤੋਂ ਇਲਾਵਾ ਸਕੂਲ ਵੈਨ ਦੇ ਅੰਦਰ ਸੀ.ਸੀ. ਟੀ.ਵੀ. ਕੈਮਰੇ, ਅੱਗ ਬੁਝਾਊ ਯੰਤਰ, ਫਸਟ ਏਡ ਕਿਟ ਅਤੇ ਜੀ.ਪੀ.ਐਸ ਆਦਿ ਲੱਗੇ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੀ ਪੁਲਿਸ ਵੈਰੀਫਿਕੇਸ਼ਨ ਅਤੇ ਡੌਪ ਟੈਸਟ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਡਰਾਇਵਰ ਡਰਿੰਕ ਐਡ ਡਰਾਈਵ ਦਾ ਚਲਾਣ ਭੁਗਤ ਚੁੱਕਿਆ ਹੈ, ਤਾਂ ਉਸਨੂੰ ਤੁਰੰਤ ਨੌਕਰੀ ਤੋਂ ਫਾਰਗ ਕੀਤਾ ਜਾਵੇ। ਨਵੇਂ ਡਰਾਇਵਰ ਅਤੇ ਕੰਡਕਟਰ ਰੱਖਣ ਸਮੇਂ ਉਨ੍ਹਾਂ ਦਾ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਲਾਜ਼ਮੀ ਕੀਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲ ਵੈਨ ਵਿਚ ਸਮਰੱਥਾ ਤੋਂ ਵਧੇਰੇ ਬੱਚੇ ਨਾ ਬਿਠਾਏ ਜਾਣ, ਕੋਈ ਵੀ ਬੱਚਾ ਵੈਨ ਵਿਚ ਖੜ੍ਹਾ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਅਧਿਕਾਰੀਆਂ ਨੂੰ 18 ਤੋਂ ਘੱਟ ਉਮਰ ਦੇ ਬੱਚੇ ਜ਼ੋ ਸਕੂਲਾਂ ਵਿੱਚ ਦੋ ਪਹੀਆ ਵਾਹਨ ਦਾ ਇਸਤੇਮਾਲ ਕਰਦੇ ਹਨ, ਅਤੇ ਜਿੰਨ੍ਹਾਂ ਕੋਲ ਡਰਾਈਵਿੰਗ ਲਾਇਸੰਸ ਵੀ ਨਹੀਂ ਹੁੰਦਾ, ਉਨ੍ਹਾਂ ਦੇ ਤੁਰੰਤ ਚਲਾਨ ਕੱਟਣ ਦੇ ਸਖ਼ਤ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਸਕੂਲ ਮੁਖੀਆਂ ਨੂੰ ਵੀ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀ ਦੋ ਪਹੀਆ ਵਾਹਨ ’ਤੇ ਆਉਂਦੇ ਹਨ ਉਨ੍ਹਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਕੂਲ ਵੈਨਾਂ ਵਿਚ ਬੱਚਿਆਂ ਦੀ ਐਮਰਜੈਂਸੀ ਐਗਜ਼ਿਟ ਦੀ ਟਰੇਨਿੰਗ ਕਰਵਾਉਣ ਲਈ ਕਿਹਾ ਅਤੇ ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਾਪੇ ਅਧਿਆਪਕ ਮਿਲਣੀ ਮੀਟਿੰਗ ਵਿੱਚ ਸਬੰਧਤ ਥਾਣੇ ਦੇ ਐੱਸ.ਐੱਚ.ਓ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇ, ਤਾਂ ਜ਼ੋ ਬੱਚਿਆਂ ਦੇ ਮਾਪਿਆਂ ਨੂੰ ਵੀ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ ਜ ਸਕੇ।

ਇਸ ਤੋਂ ਪਹਿਲਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਵੱਲੋ ਮੀਟਿੰਗ ਵਿਚ ਮੌਜੂਦ ਸਮੂਹ ਸਕੂਲ ਮੁਖੀਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਟੀ. ਬੈਨਿਥ, ਐਸ.ਡੀ.ਐਮ. ਮਾਨਸਾ ਹਰਜਿੰਦਰ ਜੱਸਲ, ਮੈਡਮ ਤੁਸ਼ਿਤਾ ਗੁਲਾਟੀ (ਪੀ.ਸੀ.ਐਸ), ਡੀ.ਐਸ.ਪੀ. ਬੂਟਾ ਸਿੰਘ, ਪ੍ਰੋਟੈਕਸ਼ਨ ਅਫ਼ਸਰ ਨਤੀਸ਼ਾ ਅੱਤਰੀ, ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਅਤੇ ਪ੍ਰਾਇਮਰੀ ਦੇ ਨੁਮਾਇੰਦੇ ਮੌਜੂਦ ਸਨ।

Leave a Reply

Your email address will not be published. Required fields are marked *

View in English