ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਗਸਤ 27
ਪੰਜਾਬ ਸਰਕਾਰ ਦੇ ਵਿਭਾਗਾਂ ਵੱਲੋਂ ਡਿਊਟੀ ਤੋਂ ਬਿਨਾਂ ਕਿਸੇ ਮਨਜ਼ੂਰੀ ਜਾਂ ਸੂਚਨਾ ਦੇ ਗ਼ੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਰੁੱਖ ਅਪਣਾਇਆ ਗਿਆ ਹੈ। ਇਸ ਸਬੰਧੀ ਪ੍ਰਸੋਨਲ ਪਾਲਿਸੀਜ਼-2 ਸ਼ਾਖਾ ਵੱਲੋਂ ਰਾਜ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਇੱਕ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।
ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਆਮ ਜਨਤਾ ਵੱਲੋਂ ਵੱਖ-ਵੱਖ ਹਲਕਿਆਂ ਤੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ/ਕਰਮਚਾਰੀਆਂ ਦੇ ਆਪਣੀ ਡਿਊਟੀ ‘ਤੇ ਮੌਜੂਦ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਖੱਜਲ-ਖੁਆਰੀ ਅਤੇ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਨ੍ਹਾਂ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਰਕਾਰ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਜਿਹੇ ਗ਼ੈਰ-ਹਾਜ਼ਰ ਕਰਮਚਾਰੀਆਂ ਦੀ ਸੂਚੀ ਤਿਆਰ ਕਰਨ। ਇਹ ਸੂਚੀ ਅੱਜ ਸ਼ਾਮ (ਕਾਰਜਕਾਰੀ ਦਿਨ ਦੇ ਖ਼ਤਮ ਹੋਣ ਤੱਕ) ਹੀ ‘ਆਮ ਪ੍ਰਸ਼ਾਸਨ ਵਿਭਾਗ’ ਨੂੰ ਸੌਂਪਣ ਲਈ ਕਿਹਾ ਗਿਆ ਹੈ।
ਪੱਤਰ ਅਨੁਸਾਰ ਇਹ ਸੂਚੀ ਪ੍ਰਾਪਤ ਹੋਣ ਤੋਂ ਬਾਅਦ ਸੰਬੰਧਿਤ ਸੇਵਾ ਨਿਯਮਾਂ ਦੀਆਂ ਧਾਰਾਵਾਂ ਅਨੁਸਾਰ ਗ਼ੈਰ-ਹਾਜ਼ਰ ਰਹੇ ਕਰਮਚਾਰੀਆਂ ਵਿਰੁੱਧ ਬਣਦੀ ਜ਼ਰੂਰੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।







