ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਦਸੰਬਰ 8
ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣਾਂ 21 ਦਸੰਬਰ ਨੂੰ ਹੋਣਗੀਆਂ। ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀ ਦੀ ਆਖਰੀ ਮਿਤੀ 12 ਦਸੰਬਰ ਹੋਵੇਗੀ। 13 ਦਸੰਬਰ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। ਚੋਣ ਨਿਸ਼ਾਨ ਉਸੇ ਦਿਨ ਜਾਰੀ ਕੀਤੇ ਜਾਣਗੇ।
ਰਾਜ ਚੋਣ ਅਧਿਕਾਰੀ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਨਗਰ ਨਿਗਮ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣਗੀਆਂ। ਰਾਜ ‘ਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। 37.32 ਲੱਖ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜਿਸ ਵਿੱਚ 19.55 ਆਦਮੀ ਇੱਥੇ 17.75 ਮਹਿਲਾ ਵੋਟਰ ਹਨ।
ਪੰਜ ਨਗਰ ਨਿਗਮਾਂ ਜਲੰਧਰ, ਅੰਮ੍ਰਿਤਸਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ‘ਚ ਚੋਣਾਂ ਹੋਣੀਆਂ ਹਨ। ਚੋਣ ਅਧਿਕਾਰੀ ਨੇ ਦੱਸਿਆ ਕਿ ਈਵੀਐਮ ਹਰ ਜ਼ਿਲ੍ਹੇ ‘ਚ ਪਹੁੰਚ ਗਈ ਹੈ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ। ਵੋਟਾਂ ਵੇਲੇ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੈ। ਡੀਸੀ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆਂ ਇਹ ਫੈਸਲਾ ਕਰਨ ਕਿ ਅਸਲਾ ਆਪਣੇ ਕੋਲ ਜਮ੍ਹਾਂ ਕਰਵਾਉਣਾ ਹੈ ਜਾਂ ਨਹੀਂ। ਇਹ ਫੈਸਲਾ ਉਹ ਆਪਣੇ ਪੱਧਰ ’ਤੇ ਲੈਣਗੇ।







