ਫੈਕਟ ਸਮਾਚਾਰ ਸੇਵਾ
ਰੂਪਨਗਰ, ਅਗਸਤ 6
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ’ਤੇ ਆਰ ਟੀ ਏ ਵਿਭਾਗ ਦੇ ਅਧਿਕਾਰੀਆਂ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਰੂਪਨਗਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ ਉਲੰਘਣਾਂ ਕਰਨ ਵਾਲੇ 7 ਬੱਸਾਂ ਜਬਤ ਕੀਤੀਆਂ ਗਈਆਂ ਅਤੇ 6 ਬੱਸਾਂ ਦੇ ਚਲਾਨ ਕੀਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਜਨਲ ਟਰਾਂਸਪੋਰਟ ਅਫਸਰ ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਬਾਰੇ ਜਾਣੂ ਕਰਵਾਉਂਦਿਆਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਕੂਲੀ ਵਾਹਨਾਂ ਅੰਦਰ ਲੋੜੀਂਦੀਆਂ ਸਹੂਲਤਾਂ ਪੂਰੀਆਂ ਰੱਖਣ ਦੀ ਹਦਾਇਤ ਕੀਤੀ ਗਈ ਹੈ ਪਰ ਫਿਰ ਵੀ ਦੇਖਣ ਵਿਚ ਆਇਆ ਹੈ ਬੱਸ ਮਾਲਕਾਂ ਵਲੋਂ ਵੱਡੀ ਗਿਣਤੀ ਵਿਚ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਵਿਚ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਕੂਲ ਵੈਨਾਂ ਵਿੱਚ ਮੁੱਢਲੀਆਂ ਸਹੂਲਤਾਂ ਜਿਵੇਂ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਲਿਖਿਆ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸਰਕਾਰੀ ਨੰਬਰ ਪਲੇਟ, ਫਿੱਟਨੈਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਸੇਫ ਸਕੂਲ ਵਾਹਨ ਦਾ ਅਸਲ ਮਨੋਰਥ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਨਾਲ ਘਰਾਂ ਤੋਂ ਲੈ ਕੇ ਜਾਣਾ ਅਤੇ ਵਾਪਸ ਲਿਆਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਬੱਸਾਂ ਵਿੱਚ ਸੁਰੱਖਿਆ ਸਬੰਧੀ ਸਾਮਾਨ ਹੋਣਾ ਜ਼ਰੂਰੀ ਹੈ ਅਤੇ ਸਮਰੱਥਾ ਤੋ ਜਿਆਦਾ ਬੱਚੇ ਬੱਸਾਂ ਵਿਚ ਨਾ ਬਿਠਾਏ ਜਾਣ। ਡਰਾਈਵਰ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਕਰਦਾ ਹੋਵੇ। ਇਨ੍ਹਾਂ ਵਾਹਨਾਂ ਵਿਚ ਲਾਗੂ ਨਿਯਮਾਂ ਦੀ ਅਣਗਹਿਲੀ ਤੇ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਨੇ ਅੱਗੇ ਕਿਹਾ ਕਿ ਬੱਸਾਂ ਦੀ ਚੈਕਿੰਗ ਦੀ ਮੁਹਿੰਮ ਜ਼ਿਲ੍ਹੇ ਵਿਚ ਇਸੇ ਤਰਾਂ ਜਾਰੀ ਰਹੇਗੀ ਜਿਸ ਲੈ ਸਕੂਲ ਬੱਸਾਂ ਦੇ ਮਾਲਿਕ ਤੇ ਮੈਨੇਜਮੈਂਟ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ।







