ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਗੁਟਕਾ ਸਾਹਿਬ ਦੀ ਬੇਅਦਬੀ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਸਤੰਬਰ 3

ਸ੍ਰੀ ਦਰਬਾਰ ਸਾਹਿਬ ਕੰਪਲੈਕਸ ’ਚ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੀ ਹੈ। ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੰਨਣ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵੱਲੋਂ ਅਜਿਹੀਆਂ ਹਰਕਤਾਂ ਕਰਕੇ ਸਿੱਖ ਸੰਗਤਾਂ ਦੇ ਹਿਰਦੇ ਨੂੰ ਠੇਸ ਪਹੁੰਚਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨ ਕਰਨ ਆਈ ਇਕ ਬੀਬੀ ਦੇ ਪੱਲੇ ਨਾਲ ਵਿਅਕਤੀ ਨੇ ਗੁਟਕਾ ਸਾਹਿਬ ਦਾ ਇਕ ਪੰਨਾ ਬੰਨ੍ਹ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ।

ਗੁਰੂ ਘਰ ’ਚ ਅਜਿਹੀ ਹਰਕਤ ਕੀਤੇ ਜਾਣਾ ਹੋਰ ਵੀ ਵੱਡੀ ਚਿੰਤਾ ਵਾਲੀ ਗੱਲ ਹੈ। ਮੰਨਣ ਨੇ ਕਿਹਾ ਕਿ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪ੍ਰੰਤੂ ਦੋਸ਼ੀ ਫੜ੍ਹੇ ਜਾਣ ਬਾਅਦ ਵੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਨਹੀਂ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਤਾਜ਼ਾ ਘਟਨਾ ਦੇ ਦੋਸ਼ੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਹਵਾਲੇ ਕੀਤਾ ਗਿਆ। ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿਥੇ ਦੋਸ਼ੀ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਉਣੀ ਚਾਹੀਦੀ ਹੈ, ਉਥੇ ਹੀ ਇਸ ਪਿੱਛੇ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਸਾਹਮਣੇ ਲਿਆਉਣਾ ਚਾਹੀਦਾ ਹੈ।

ਸੁਰਿੰਦਰ ਸਿੰਘ ਏਸੀਪੀ ਕੇਂਦਰੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਤੈਨਾਤ ਹੈਲਪਰ ਸਿਮਰਨਜੀਤ ਸਿੰਘ ਨੇ ਇੱਕ ਸ਼ਿਕਾਇਤ ਕੋਤਵਾਲੀ ਥਾਣੇ ਵਿਖੇ ਦਿੱਤੀ ਹੈ ਜਿਸ ਵਿੱਚ ਇਹ ਲਿਖਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਅੰਦਰ ਸ੍ਰੀ ਅਕਾਲ ਤਖਤ ਸਾਹਿਬ ਵਾਲੇ ਪਾਸੇ ਸ਼ਹੀਦ ਊਧਮ ਸਿੰਘ ਨਗਰ ਅੰਮ੍ਰਿਤਸਰ ਦੇ ਰਹਿਣ ਵਾਲੇ ਵਿਅਕਤੀ ਮਨਦੀਪ ਸਿੰਘ ਵੱਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਇੱਕ ਔਰਤ ਦੇ ਦੁਪੱਟੇ ਦੇ ਨਾਲ ਬੰਨ੍ਹੇ ਹਨ। ਸੀਸੀਟੀਵੀ ਖੰਗਾਲਣ ਤੋਂ ਬਾਅਦ ਉਕਤ ਮਨਦੀਪ ਸਿੰਘ ਨੂੰ ਕਾਬੂ ਕੀਤਾ ਗਿਆ ਅਤੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ।

Leave a Reply

Your email address will not be published. Required fields are marked *

View in English