ਫੈਕਟ ਸਮਾਚਾਰ ਸੇਵਾ
ਜਲੰਧਰ, ਅਕਤੂਬਰ 1
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ‘ਆਪ’ ਆਗੂ ਪਾਲਾ ਜਲਾਲਪੁਰ ਨੇ ਸਾਂਝੇ ਤੌਰ ‘ਤੇ ਲੋਹੀਆਂ ਤੋਂ ਜਕੋਪੁਰ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ। ਇਹ ਸੜਕ ਹੜ੍ਹਾਂ ਦੌਰਾਨ ਨੁਕਸਾਨੀ ਗਈ ਸੀ, ਜਿਸ ਕਾਰਨ ਲੋਕਾਂ ਨੂੰ ਇੱਥੋਂ ਲੰਘਣਾ ਵਿੱਚ ਮੁਸ਼ਕਲ ਪੇਸ਼ ਆ ਰਹੀ ਸੀ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਮਿੱਟੀ ਦੀਆਂ ਟਰਾਲੀਆਂ, ਕਰਾਹੇ ਅਤੇ ਜੇ.ਸੀ.ਬੀ. ਨਾਲ ਕੰਮ ਦੀ ਸ਼ੁਰੂਆਤ ਕੀਤੀ ਗਈ। ਕੰਗ ਖੁਰਦ ਵਿੱਚ ਹੋਏ ਇਕੱਠ ਦੌਰਾਨ ਆਲੇ-ਦੁਆਲੇ ਦੇ ਲਗਭਗ 20 ਪਿੰਡਾਂ ਤੋਂ ਪੰਚ-ਸਰਪੰਚ ਤੇ ਹੋਰ ਮੋਹਤਬਰ ਲੋਕ ਪਹੁੰਚੇ ਹੋਏ ਸਨ।
ਸੰਤ ਸੀਚੇਵਾਲ ਨੇ ਦੱਸਿਆ ਕਿ ਜਿੱਥੋਂ ਸੜਕ ਜ਼ਿਆਦਾ ਖਰਾਬ ਹੈ ਉੱਥੇ ਗਟਕਾ ਵੀ ਪਾਇਆ ਜਾ ਰਿਹਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਕੰਮ ਆਉਂਦੇ ਕੁਝ ਦਿਨਾਂ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਦਾ ਮਕਸਦ ਰਸਤੇ ਨੂੰ ਆਵਾਜਾਈ ਯੋਗ ਬਣਾਉਣਾ ਹੈ, ਤਾਂ ਜੋ ਵਾਢੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਢੋਆ-ਢੁਆਈ ਵਿੱਚ ਮੁਸ਼ਕਲ ਪੇਸ਼ ਨਾ ਆਵੇ। ਸੜਕ ਦੇ ਆਵਾਜਾਈ ਯੋਗ ਹੋਣ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਢੋਆ-ਢੁਆਈ ਵਿੱਚ ਸਹੂਲਤ ਮਿਲੇਗੀ।
ਇਸ ਮੌਕੇ ਹਲਕਾ ਇੰਚਾਰਜ ਪਾਲਾ ਜਲਾਲਪੁਰ ਵੀ ਮੌਕੇ ’ਤੇ ਮੌਜੂਦ ਰਹੇ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਵਿੱਚ ਕੋਈ ਕਸਰ ਨਹੀਂ ਛੱਡਣਗੇ। ਇਸੇ ਦੌਰਾਨ ਧੁੱਸੀ ਬੰਨ੍ਹ ‘ਤੇ ਬਨਣ ਵਾਲੀ ਸੜਕ ਦਾ ਜ਼ਾਇਜ਼ਾ ਲੈਂਦਿਆਂ ਮੰਡਾਲਾ ਛੰਨਾ ਵਿੱਚ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।







