ਫੈਕਟ ਸਮਾਚਾਰ ਸੇਵਾ
ਸ਼ਿਮਲਾ , ਅਗਸਤ 17
ਹਿਮਾਚਲ ਪ੍ਰਦੇਸ਼ ਵਿੱਚ ਕੁਦਰਤੀ ਆਫ਼ਤ ਨੇ ਤਬਾਹੀ ਮਚਾਈ ਹੋਈ ਹੈ। ਮੰਡੀ, ਸ਼ਿਮਲਾ, ਕੁੱਲੂ, ਜ਼ਿਲ੍ਹਾ ਸਿਰਮੌਰ ਅਤੇ ਹੋਰ ਪ੍ਰਭਾਵਿਤ ਇਲਾਕਿਆਂ ਵਿੱਚ 1,220 ਸੜਕਾਂ ਬੰਦ ਕਰ ਦਿੱਤੀਆਂ ਗਈਆਂ। ਇਸ ਕਾਰਨ ਬੁੱਧਵਾਰ ਨੂੰ ਵੀ ਦੋ ਹਜ਼ਾਰ ਤੋਂ ਵੱਧ ਰੂਟ ਪ੍ਰਭਾਵਿਤ ਹੋਏ। ਪੀਣ ਵਾਲੇ ਪਾਣੀ ਦੇ ਸੋਮਿਆਂ ਵਿੱਚ ਗਾਰ ਭਰ ਜਾਣ ਕਾਰਨ ਪਾਣੀ ਲੋਕਾਂ ਦੇ ਘਰਾਂ ਵਿੱਚ ਨਹੀਂ ਜਾ ਰਿਹਾ। ਮੰਡੀ ਦੀਆਂ ਸਭ ਤੋਂ ਵੱਧ 541 ਸਮੇਤ 1235 ਜਲ ਸਕੀਮਾਂ ਠੱਪ ਪਈਆਂ ਹਨ।
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਹਵਾਈ ਸੈਨਾ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 780 ਤੋਂ ਵੱਧ ਲੋਕਾਂ ਨੂੰ ਬਚਾਇਆ ਹੈ। ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਕਿਹਾ ਕਿ ਪੱਛਮੀ ਏਅਰ ਕਮਾਂਡ ਦੇ ਹੈਲੀਕਾਪਟਰਾਂ ਨੇ ਪਿਛਲੇ 48 ਘੰਟਿਆਂ ਵਿੱਚ 50 ਤੋਂ ਵੱਧ ਉਡਾਣਾਂ ਭਰੀਆਂ ਹਨ।
ਇਸ ਦੌਰਾਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 780 ਤੋਂ ਵੱਧ ਨਾਗਰਿਕਾਂ ਨੂੰ ਬਚਾਇਆ ਗਿਆ ਹੈ। ਕਾਂਗੜਾ ਜ਼ਿਲੇ ਦੇ ਫਤਿਹਪੁਰ ਉਪ-ਮੰਡਲ ‘ਚ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ‘ਤੇ ਕਾਂਗੜਾ ਦੇ ਡਿਪਟੀ ਕਮਿਸ਼ਨਰ ਨਿਪੁਨ ਜਿੰਦਲ ਨੇ ਕਿਹਾ ਕਿ 15 ਅਗਸਤ ਨੂੰ ਕੁੱਲ 800 ਫਸੇ ਹੋਏ ਨਾਗਰਿਕਾਂ ਨੂੰ ਬਚਾਇਆ ਗਿਆ ਸੀ। ਭਾਰਤੀ ਸੈਨਾ ਅਤੇ ਭਾਰਤੀ ਹਵਾਈ ਸੈਨਾ ਵੱਲੋਂ ਬਚਾਅ ਕਾਰਜ ਜਾਰੀ ਹਨ। ਹੁਣ ਤੱਕ ਬਚਾਏ ਗਏ ਲੋਕਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਲਈ ਰਾਹਤ ਕੈਂਪ ਵੀ ਲਗਾਏ ਗਏ ਹਨ।
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਾਂਗੜਾ ਜ਼ਿਲ੍ਹੇ ਦੇ ਇੰਦੌਰਾ ਅਤੇ ਫਤਿਹਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨੇ ਪੌਂਗ ਜਲ ਭੰਡਾਰ ਦੇ ਪਾਣੀ ਵਿੱਚ ਡੁੱਬੇ ਹੇਠਲੇ ਹਿੱਸੇ ਵਿੱਚ ਚੱਲ ਰਹੇ ਨਿਕਾਸੀ ਯਤਨਾਂ ਅਤੇ ਹੋਰ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਡਮਤਾਲ ਅਤੇ ਸ਼ੇਖਪੁਰਾ ਵਿਖੇ ਰਾਹਤ ਕੈਂਪਾਂ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਸੂਬੇ ਦੇ ਉਪਰਲੇ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਹੋਏ ਜਾਨ-ਮਾਲ ਦੇ ਨੁਕਸਾਨ ‘ਤੇ ਵੀ ਚਿੰਤਾ ਪ੍ਰਗਟਾਈ ਹੈ। ਸੁੱਖੂ ਨੇ ਕਿਹਾ ਕਿ ਸਰਕਾਰੀ ਅਤੇ ਨਿੱਜੀ ਜਾਇਦਾਦਾਂ ਦਾ ਭਾਰੀ ਨੁਕਸਾਨ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੈਂ ਤੁਹਾਨੂੰ ਖਾਸ ਤੌਰ ‘ਤੇ ਇਨ੍ਹਾਂ ਖੇਤਰਾਂ ਲਈ ਮੁਆਵਜ਼ਾ ਅਤੇ ਰਾਹਤ ਸਮੱਗਰੀ ਸਮੇਤ ਵਿਸ਼ੇਸ਼ ਪੈਕੇਜ ਦਾ ਭਰੋਸਾ ਦਿਵਾਉਂਦਾ ਹਾਂ। ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਰਾਹਤ ਕੈਂਪਾਂ ਵਿੱਚ ਪਨਾਹ ਲੈ ਰਹੇ ਲੋਕਾਂ ਦੀ ਸਹੀ ਢੰਗ ਨਾਲ ਦੇਖਭਾਲ ਕੀਤੀ ਜਾਵੇ।







