ਹੁਣ ਵਿਜੀਲੈਂਸ ਦੀ ਰਾਡਾਰ ‘ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ

ਵਿਜੀਲੈਂਸ ਨੇ ਇਕ ਹੋਰ ਸਾਬਕਾ ਮੰਤਰੀ ‘ਤੇ ਸ਼ਿਕੰਜਾ ਕੱਸਿਆ ਹੈ। ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ‘ਤੇ ਆਮਦਨ ਤੋਂ ਵਧ ਜਾਇਦਾਦ ਰੱਖਣ ਦਾ ਦੋਸ਼ ਹੈ। ਕਾਂਗੜ ਮੌਜੂਦਾ ਸਮੇਂ ਵਿਚ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਹਨ। ਉਨ੍ਹਾਂ ਖ਼ਿਲਾਫ਼ ਕੁਝ ਸਮਾਂ ਪਹਿਲਾਂ ਹੀ ਪੜਤਾਲ ਸ਼ੁਰੂ ਹੋ ਗਈ ਸੀ ਅਤੇ ਹੁਣ ਇਹ ਮਾਮਲਾ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ ਨੂੰ ਸੌਂਪ ਦਿੱਤਾ ਗਿਆ ਹੈ।

ਗੁਰਪ੍ਰੀਤ ਸਿੰਘ ਕਾਂਗੜ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਮਾਲ ਮੰਤਰੀ ਰਹੇ ਸਨ। ਮਾਲ ਵਿਭਾਗ ਵੱਲੋਂ ਕਾਂਗੜ ਦੇ ਪਰਿਵਾਰ ਦੀ ਜਾਇਦਾਦ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤੇ ਉੁਨ੍ਹਾਂ ਦੇ ਨੇੜੇ ਰਿਸ਼ਤੇਦਾਰਾਂ ਦੇ ਵੇਰਵੇ ਵੀ ਇਕੱਠੇ ਕੀਤੇ ਜਾ ਰਹੇ ਹਨ। ਵਿਜੀਲੈਂਸ ਅਫ਼ਸਰਾਂ ਨੇ ਕਾਂਗੜ ਦੀ ਪੰਜਾਬ ਤੇ ਦੂਸਰੇ ਸੂਬਿਆਂ ਵਿਚ ਨਾਮੀ ਤੇ ਬੇਨਾਮੀ ਜਾਇਦਾਦ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਹੈ। ਜਦੋਂ ਜਾਂਚ ਮੁਕੰਮਲ ਹੋ ਜਾਵੇਗੀ ਤਾਂ ਸਾਬਕਾ ਮਾਲ ਮੰਤਰੀ ਨੂੰ ਤਲਬ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਜਦੋਂ ਕਾਂਗਰਸ ਹਾਈਕਮਾਨ ਨੇ ਚਾਰ ਕਾਂਗਰਸੀ ਮੰਤਰੀਆਂ ਤੋਂ ਵਜ਼ੀਰੀ ਵਾਪਸ ਲਈ ਸੀ, ਤਾਂ ਉਨ੍ਹਾਂ ਵਿਚ ਕਾਂਗੜ ਵੀ ਸ਼ਾਮਲ ਸਨ। ਕਾਂਗੜ ਉਦੋਂ ਵੀ ਚਰਚਾ ਵਿਚ ਆ ਗਏ ਸਨ ਜਦੋਂ ਪੰਜਾਬ ਕੈਬਨਿਟ ਨੇ 17 ਸਤੰਬਰ, 2021 ਨੂੰ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਆਬਕਾਰੀ ਮਹਿਕਮੇ ਵਿਚ ਤਰਸ ਦੇ ਆਧਾਰ ਉਤੇ ਆਬਕਾਰੀ ਤੇ ਕਰ ਇੰਸਪੈਕਟਰ ਵਜੋਂ ਨਿਯੁਕਤ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਸੀ।

ਚੋਣ ਕਮਿਸ਼ਨ ਵੱਲੋਂ ਪ੍ਰਾਪਤ ਅੰਕੜਿਆਂ ਅਨੁਸਾਰ ਕਾਂਗੜ ਪਰਿਵਾਰ 2007 ਵਿਚ ਇੰਨੇ ਕਰੋੜਾਂ ਦੀ ਸੰਪਤੀ ਨਹੀਂ ਸੀ। ਜਦੋਂ ਕਾਂਗੜ 2017 ਵਿਚ ਚੋਣ ਜਿੱਤੇ ਸਨ ਤਾਂ ਉਦੋਂ ਉਨ੍ਹਾਂ ਕੋਲ 9.36 ਕਰੋੜ ਰੁਪਏ ਦੀ ਜਾਇਦਾਦ ਸੀ ਅਤੇ 10 ਲੱਖ ਰੁਪਏ ਦਾ ਕਰਜ਼ਾ ਸੀ। ਮਾਲ ਮੰਤਰੀ ਰਹਿਣ ਮਗਰੋਂ ਜਦੋਂ ਉਨ੍ਹਾਂ ਨੇ 2022 ਵਿਚ ਚੋਣ ਲੜੀ ਤਾਂ ਉਸ ਵਕਤ ਉਨ੍ਹਾਂ ਦੀ ਜਾਇਦਾਦ 14.77 ਕਰੋੜ ਰੁਪਏ ਸੀ ਅਤੇ ਕਰਜ਼ਾ ਵੱਧ ਕੇ 1.89 ਕਰੋੜ ਰੁਪਏ ਹੋ ਗਿਆ ਸੀ।

Leave a Reply

Your email address will not be published. Required fields are marked *

View in English