ਹੋਲੇ ਮੋਹਲੇ ਦੇ ਪਹਿਲੇ ਦਿਨ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਫੈਕਟ ਸਮਾਚਾਰ ਸੇਵਾ

ਸ੍ਰੀ ਅਨੰਦਪੁਰ ਸਾਹਿਬ , ਮਾਰਚ 25

ਗੁਰੂ ਕੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੱਜ ਸਿੱਖ ਪਰੰਪਰਾਵਾਂ, ਸਿੱਖੀ ਸਿਧਾਂਤਾਂ ਤੇ ਪੂਰੀ ਤਰ੍ਹਾਂ ਖਾਲਸਾਈ ਜਾਹੋ ਜਲਾਲ ਨਾਲ ਹੋਲੇ ਮਹੱਲੇ ਦੀ ਅਰੰਭਤਾ ਹੋ ਗਈ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ’ਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੱਲੋਂ ਅਰਦਾਸ ਕਰ ਕੇ ਜੈਕਾਰਿਆਂ ਦੀ ਗੂੰਜ ਵਿਚ ਹੋਲੇ ਮਹੱਲੇ ਦੀ ਅਰੰਭਤਾ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਹੋਲਾ ਮਹੱਲਾ ਪਹਿਲੇ ਤਿੰਨ ਦਿਨ ਕੀਰਤਪੁਰ ਸਾਹਿਬ ਵਿਖੇ ਮਨਾਇਆ ਗਿਆ ਸੀ। ਅੱਜ ਇਸ ਪਾਵਨ ਤਿਉਹਾਰ ਦੇ ਪਹਿਲੇ ਦਿਨ ਸੰਗਤਾਂ ਲੱਖਾਂ ਦੀ ਤਾਦਾਦ ’ਚ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂਘਰਾਂ ਵਿਚ ਨਤਮਸਤਕ ਹੋਈਆਂ।

ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣ ਤੋ ਬਾਅਦ ਤਖ਼ਤ ਸ਼੍ਰੀ ਕੇਸਗੜ ਸਾਹਿਬ ਵਿਖੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਸੰਨ 1700 ਵਿਚ ਦਸਮ ਪਾਤਸ਼ਾਹ ਨੇ ਸਿੰਘਾਂ ਵਿਚ ਜੋਸ਼ ਪੈਦਾ ਕਰਨ ਲਈ ਹੋਲੇ ਮਹੱਲੇ ਦੀ ਅਰੰਭਤਾ ਕੀਤੀ ਸੀ, ਹੋਲੇ ਦਾ ਹੋਲੀ ਨਾਲ ਕੋਈ ਸਬੰਧ ਨਹੀਂ। ਗੁਰੂ ਸਾਹਿਬ ਨੇ ਸਿੱਖਾਂ ਦਾ ਨਿਆਰਾਪਨ ਕਾਇਮ ਰੱਖਣ ਅਤੇ ਖ਼ਾਲਸੇ ਦੀ ਚੜ੍ਹਦੀ ਕਲਾ ਲਈ ਹੋਲੇ ਮਹੱਲੇ ਮੌਕੇ ਜੰਗਜੂ ਕਰਤੱਬ ਕਰਨੇ, ਘੋੜ ਸਵਾਰੀ ਅਤੇ ਸ਼ਸਤਰ ਵਿਦਿਆ ਦੇ ਅਭਿਆਸ ਕਰਨ ਦੇ ਹੁਕਮ ਦਿਤੇ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਦੀਆਂ ਵਧਾਈਆਂ ਦਿੰਦਿਆਂ ਅੰਮ੍ਰਿਤ ਛਕ ਕੇ ਖਾਲਸਾ ਪਰਿਵਾਰ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਅੱਜ ਲੋੜ ਹੈ ਗੁਰੂ ਸਾਹਿਬ ਦੇ ਹੁਕਮਾਂ ਤੇ ਪਹਿਰਾ ਦੇਣ ਦੀ ਤਾਂ ਜੋ ਕੌਮ ਦੀ ਚੜ੍ਹਦੀ ਕਲਾ ਹੋ ਸਕੇ।

ਇਸ ਮੌਕੇ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਮੈਨੇਜਰ ਸੰਦੀਪ ਸਿੰਘ ਕਲੌਤਾ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਜਗਨੰਦਨ ਸਿੰਘ, ਸੁਖਵੀਰ ਸਿੰਘ ਕਲਮਾਂ, ਦਵਿੰਦਰ ਸਿੰਘ ਢਿੱਲੋਂ, ਠੇਕੇਦਾਰ ਗੁਰਨਾਮ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *

View in English