ਫੈਕਟ ਸਮਾਚਾਰ ਸੇਵਾ
ਸਮਾਣਾ, ਅਗਸਤ 18
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਹਲਕੇ ਅੰਦਰ ਵਿਕਾਸ ਕਾਰਜਾਂ ਦੇ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਜੌੜਮਾਜਰਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਸਮਾਣਾ ਸ਼ਹਿਰ ਅਤੇ ਹਲਕੇ ਦੇ ਪਿੰਡਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹਰ ਪੱਖੋਂ ਵਿਕਸਤ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਲਕੇ ਦੇ ਵਿਕਾਸ ਲਈ ਪੁਰਾਣੇ ਚੱਲ ਰਹੇ ਪ੍ਰਾਜੈਕਟਾਂ ਨੂੰ ਦਿਨ ਰਾਤ ਇੱਕ ਕਰਕੇ ਮੁਕੰਮਲ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਨਵੇਂ ਪ੍ਰਾਜੈਕਟ ਵੀ ਉਲੀਕੇ ਜਾ ਰਹੇ ਹਨ। ਉਨ੍ਹਾਂ ਨੇ ਇਸ ਮੌਕੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜੇਕਰ ਸਮਾਣਾ ਸ਼ਹਿਰ ਜਾਂ ਹਲਕੇ ਦੇ ਕਿਸੇ ਪਿੰਡ ਦਾ ਕੋਈ ਹੋਰ ਕੰਮ ਵੀ ਬਕਾਇਆ ਰਹਿੰਦਾ ਹੈ ਤਾਂ ਉਸਦੀ ਤਜਵੀਜ ਬਣਵਾ ਕੇ ਭੇਜੀ ਜਾਵੇ, ਉਸਨੂੰ ਵੀ ਤੁਰੰਤ ਕਰਵਾਇਆ ਜਾਵੇਗਾ।
ਬਾਗਬਾਨੀ, ਸੁਤੰਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਪਿੰਡਾਂ ਦਾ ਚਹੁੰਤਰਫ਼ਾ ਵਿਕਾਸ ਕਰਨ ਸਮੇਤ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਐਸ.ਡੀ.ਐਮ ਸਮਾਣਾ ਚਰਨਜੀਤ ਸਿੰਘ, ਹਰਜਿੰਦਰ ਸਿੰਘ ਮਿੰਟੂ, ਓ.ਐਸ.ਡੀ. ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਪੀ.ਏ. ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸਰਕਲ ਇੰਚਾਰਜ ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਬੀ.ਡੀ.ਪੀ.ਓ. ਸੁਖਵਿੰਦਰ ਸਿੰਘ ਟਿਵਾਣਾ, ਜੇ.ਈਜ ਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।







