ਫੈਕਟ ਸਮਾਚਾਰ ਸੇਵਾ
ਜਗਰਾਓਂ , ਜਨਵਰੀ 12
ਜਗਰਾਓਂ ਦੇ ਪਿੰਡ ਕਾਉਂਕੇ ਕਲਾਂ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਘਰ ਅੱਜ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਪਹੁੰਚੀ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਮੇਤ ਲੀਡਰਸ਼ਿਪ ਨੇ ਕਰੀਬ 1 ਘੰਟਾ ਸਾਬਕਾ ਜਥੇਦਾਰ ਭਾਈ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ।
ਇਸ ਮੀਟਿੰਗ ਵਿਚ ਭਾਈ ਕਾਉਂਕੇ ਨੂੰ ਪੁਲਿਸ ਹਿਰਾਸਤ ਵਿਚ ਰੱਖ ਕੇ ਅੰਨ੍ਹਾ ਤਸ਼ੱਦਦ ਕਰਨ ਅਤੇ ਉਨ੍ਹਾਂ ਨੂੰ ਸ਼ਹੀਦ ਕਰਨ ਦੇ ਮਾਮਲੇ ਵਿਚ ਕਸੂਰਵਾਰ ਪੁਲਿਸ ਅਫਸਰਾਂ ਖ਼ਿਲਾਫ਼ ਪਰਚਾ ਦਰਜ ਕਰਵਾਉਣ ਲਈ ਭਾਈ ਕਾਉਂਕੇ ਦੀ ਪਤਨੀ ਮਾਤਾ ਗੁਰਮੇਲ ਕੌਰ ਤੇ ਪੁੱਤ ਭਾਈ ਹਰੀ ਸਿੰਘ ਕਾਉਂਕੇ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵਿਚ ਦਲਜੀਤ ਸਿੰਘ ਚੀਮਾ, ਵਿਰਸਾ ਸਿੰਘ ਵਲਟੋਹਾ, ਬਲਵਿੰਦਰ ਸਿੰਘ ਭੂੰਦੜ, ਮਹੇਸ਼ ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ, ਐਸਆਰ ਕਲੇਰ ਆਦਿ ਵੀ ਮੀਟਿੰਗ ਵਿਚ ਸ਼ਾਮਲ ਹੋਏ।







